ਅਸ਼ੋਕ ਵਰਮਾ
- ਕਿਹਾ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਬਠਿੰਡਾ, 22 ਜਨਵਰੀ 2020 - ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਟਿੱਡੀ ਦਲ ਸਬੰਧੀ ਸੋਸ਼ਲ ਮੀਡੀਆ 'ਤੇ ਬਠਿੰਡਾ ਵਿਖੇ ਪਹੁੰਚਣ ਦੀਆਂ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ 'ਚ ਕਿਧਰੇ ਵੀ ਟਿੱਡੀ ਦਲ ਵਲੋਂ ਫ਼ਸਲਾਂ 'ਤੇ ਹਮਲਾ ਕਰਨ ਦੀ ਕੋਈ ਵੀ ਘਟਨਾ ਜਾਂ ਸੂਚਨਾ ਨਹੀਂ ਪ੍ਰਾਪਤ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿੱਡੀ ਦਲ ਦੇ ਫ਼ਸਲਾਂ 'ਤੇ ਹਮਲੇ ਪ੍ਰਤੀ ਖੇਤੀਬਾੜੀ ਵਿਭਾਗ ਨੂੰ ਅਗਾਊਂ ਸੁਚੇਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਇਸ ਸਬੰਧੀ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਫ਼ਸਲਾਂ 'ਤੇ ਕਿਸੇ ਤਰ੍ਹਾਂ ਦੇ ਟਿੱਡੀ ਦਲ ਵਲੋਂ ਕੀਤੇ ਜਾਣ ਵਾਲੇ ਕਿਸੇ ਤਰ੍ਹਾਂ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ 8 ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 7 ਟੀਮਾਂ ਬਲਾਕ ਪੱਧਰ 'ਤੇ, ਇਕ ਟੀਮ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ। ਹਰੇਕ ਟੀਮ ਵਿੱਚ ਤਿੰਨ ਮੈਂਬਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ।
ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਦੱਸਿਆ ਕਿ ਬਾਲਗ ਟਿੱਡਿਆਂ ਦੀ ਪਹਿਚਾਣ ਪੀਲੇ ਰੰਗ ਦੇ ਸਰੀਰ ਉਪਰ ਕਾਲੇ ਰੰਗ ਦੇ ਨਿਸ਼ਾਨ ਤੇ ਜਬਾੜੇ ਗੂੜੇ ਜਾਮਣੀ ਕਾਲੇ ਰੰਗ ਤੋਂ ਹੁੰਦੀ ਹੈ। ਜੇਕਰ ਟਿੱਡਿਆਂ ਦਾ ਸੰਭਾਵੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਖਾਲੀ ਪੀਪੇ ਖੜਕਾ ਕੇ, ਅੱਗ ਦੀਆਂ ਮਸ਼ਾਲਾਂ ਆਦਿ ਰਾਹੀਂ ਉਸ ਨੂੰ ਹੇਠਾਂ ਜ਼ਮੀਨ ਤੋਂ ਉਤਰਣ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟਿੱਡੀ ਦਲ ਝਾੜੀਆਂ ਆਦਿ 'ਤੇ ਉਤਰਦਾ ਹੈ ਤਾਂ ਉਸ ਨੂੰ ਅੱਗ ਲਗਾ ਕੇ ਖ਼ਤਮ ਕਰ ਦੇਣਾ ਚਾਹੀਦਾ ਹੈ।