ਮਨਪ੍ਰੀਤ ਸਿੰਘ ਜੱਸੀ
- ਪ੍ਰਭਜੋਤ ਨੇ ਦੁਬਈ ਪਹੁੰਚਣ ਤੋਂ ਦੋ ਦਿਨ ਬਾਅਦ ਹੀ ਕਰ ਲਈ ਸੀ ਆਤਮ ਹੱਤਿਆ
- ਹੁਣ ਤੱਕ 138 ਬਦਨਸੀਬ ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕਾ ਹੈ ਟਰੱਸਟ : ਹੇਰ
- ਪੀੜਤ ਪਰਿਵਾਰ ਨੇ ਮਦਦ ਕਰਨ ਲਈ ਕੀਤਾ ਡਾ. ਓਬਰਾਏ ਦਾ ਸ਼ੁਕਰਾਨਾ
ਅੰਮ੍ਰਿਤਸਰ, 24 ਜਨਵਰੀ 2020 - ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਦਿਲ 'ਚ ਸਜਾ ਕੇ ਦੁਬਈ ਗਏ 21 ਸਾਲਾ ਪ੍ਰਭਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਜਲੰਧਰ ਜ਼ਿਲ੍ਹੇ ਦੇ ਕਸਬੇ ਸ਼ਾਹਕੋਟ ਨਾਲ ਸੰਬੰਧਿਤ ਮ੍ਰਿਤਕ ਪ੍ਰਭਜੋਤ ਸਿੰਘ ਕੁਝ ਦਿਨ ਪਹਿਲਾਂ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਪਹਿਲੀ ਵਾਰ ਦੁਬਈ ਗਿਆ ਸੀ ਕਿ ਉੱਥੇ ਪਹੁੰਚਣ ਤੋਂ ਕੇਵਲ ਦੋ ਦਿਨ ਬਾਅਦ ਹੀ 16 ਜਨਵਰੀ ਨੂੰ ਉਸ ਨੇ ਅਚਾਨਕ ਆਤਮ ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਪ੍ਰਭਜੋਤ ਦੁਬਈ ਪਹੁੰਚਣ ਉਪਰੰਤ ਢੁਕਵਾਂ ਕੰਮ ਨਾ ਮਿਲਣ ਦੀ ਸੰਭਾਵਨਾ ਨੂੰ ਲੈ ਕੇ ਬਹੁਤ ਪਰੇਸ਼ਾਨ ਸੀ, ਜਿਸ ਦੇ ਚੱਲਦਿਆਂ ਉਸ ਨੇ ਜਲਦਬਾਜ਼ੀ ਵਿੱਚ ਆਪਣੇ ਆਪ ਨੂੰ ਖਤਮ ਕਰਨ ਦਾ ਕਦਮ ਚੁੱਕ ਲਿਆ। ਜਿਸ ਤੋਂ ਬਾਅਦ ਦੁਬਈ 'ਚ ਹੀ ਰਹਿੰਦੇ ਮ੍ਰਿਤਕ ਦੇ ਚਚੇਰੇ ਭਰਾਵਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਡੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਪ੍ਰਭਜੋਤ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਬੇਨਤੀ ਕੀਤੀ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰਲੀ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ,ਨਵਜੀਤ ਸਿੰਘ ਘਈ ਤੇ ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵਲੋਂ ਹੁਣ ਤੱਕ 138 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪ੍ਰਭਜੋਤ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਮ੍ਰਿਤਕ ਦੇਹ ਨਾਲ ਦੁਬਈ ਤੋਂ ਆਏ ਚਚੇਰੇ ਭਰਾ ਕਮਲਜੀਤ ਸਿੰਘ ਤੋਂ ਇਲਾਵਾ ਹਵਾਈ ਅੱਡੇ ਤੇ ਪਹੁੰਚੇ ਮ੍ਰਿਤਕ ਦੇ ਮਾਮੇ ਦਵਿੰਦਰ ਸਿੰਘ,ਚਾਚੇ ਪ੍ਰਗਟ ਸਿੰਘ, ਤਾਏ ਬਹਾਦਰ ਸਿੰਘ ਆਦਿ ਨੇ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਬਦੌਲਤ ਹੀ ਪ੍ਰਭਜੋਤ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਸ਼ਹਿਰ ਵਿਖੇ ਹੋਣੀਆਂ ਸੰਭਵ ਹੋ ਸਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਪ੍ਰਭਜੋਤ ਦੇ ਮਾਪਿਆਂ ਨੂੰ ਹਵਾਈ ਅੱਡੇ ਤੇ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ ਹੀ ਉਸ ਦੀ ਮੌਤ ਦੀ ਖ਼ਬਰ ਦਿੱਤੀ ਹੈ,ਜਿਸ ਕਾਰਨ ਉਹ ਗਹਿਰੇ ਸਦਮੇ 'ਚ ਹਨ।