ਬੇਰੁਜ਼ਗਾਰ ਅਧਿਆਪਕਾਂ ਫੂਕਿਆ ਪੁਤਲਾ
ਅਸ਼ੋਕ ਵਰਮਾ
ਮਾਨਸਾ,28 ਜਨਵਰੀ 2020: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਮਾਨਸਾ ਜਿਲ੍ਹੇ ਦੇ ਤੀਜੀ ਵਾਰ ਨਿਰਧਾਰਤ ਦੌਰੇ 'ਤੇ ਨਹੀਂ ਪਹੁੰਚੇ, ਇਸ ਤੋੰ ਪਹਿਲਾਂ ਵੀ ਦੋ ਵਾਰ ਬੇਰੁਜ਼ਗਾਰ ਅਧਿਆਪਕਾਂ ਨੇ ਘਿਰਾਓ ਦਾ ਐਲਾਨ ਕੀਤਾ ਸੀ ਅਤੇ ਸਕੱਤਰ ਨਹੀਂ ਪਹੁੰਚੇ ਸਨ। ਬੇਰੁਜ਼ਗਾਰ ਅਧਿਆਪਕਾਂ ਨੇ ਉਹਨਾਂ ਦੇ ਮਾਨਸਾ ਪਹੁੰਚਣ 'ਤੇ ਘਿਰਾਓ ਕਰਨ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਸ਼ਾਮ ਤੱਕ ਸਕੱਤਰ ਦੇ ਨਾ ਪਹੁੰਚਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਬੱਚਤ ਭਵਨ ਦੇ ਨਜ਼ਦੀਕ, ਕਚਿਹਰੀਆਂ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਦੀ ਅਰਥੀ-ਫੂਕ ਕੇ ਰੋਸ-ਮੁਜ਼ਾਹਰਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਜੂਝ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉਪਰ ਸੰਗਰੂਰ ਵਿਖੇ ਕਈ ਵਾਰ ਲਾਠੀਚਾਰਜ ਵੀ ਹੋ ਚੁੱਕਾ ਹੈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਨਿੱਕਾ ਸਮਾਓਂ ਨੇ ਕਿਹਾ ਕਿ ਈਟੀਟੀ ਉਮੀਦਵਾਰਾਂ ਲਈ 500 ਅਤੇ ਬੀਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ, ਕਿਉਂਕਿ ਪੰਜਾਬ ਵਿੱਚ ਕਰੀਬ 15 ਹਜ਼ਾਰ ਈਟੀਟੀ ਅਤੇ 50 ਹਜ਼ਾਰ ਬੀਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ 'ਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਇਸ ਕਰਕੇ ਨਿਗੁਣੀ ਭਰਤੀ ਦਾ ਮੰਤਵ ਮਹਿਜ਼ ਖਜ਼ਾਨਾ ਭਰਨਾ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਢਾ ਪਾਉਣਾ ਹੈ। ਪਰ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਮੰਗ ਕਰਦੇ ਹਨ ਕਿ ਅਸਾਮੀਆਂ ਦੀ ਗਿਣਤੀ 'ਚ ਵਾਧਾ ਕਰਦਿਆਂ ਸਰਕਾਰੀ ਸਕੂਲਾਂ 'ਚ ਖਾਲੀ ਪਈਆਂ ਕੁੱਲ ਅਸਾਮੀਆਂ ਭਰਨ ਲਈ ਈਟੀਟੀ ਦੀਆਂ 12 ਹਜ਼ਾਰ ਅਤੇ ਬੀਐੱਡ ਦੀਆਂ 15 ਹਜ਼ਾਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ, ਟੈੱਟ ਪਾਸ ਕਰਨ ਦੇ ਬਾਵਜੂਦ ਹਜ਼ਾਰਾਂ ਉਮੀਦਵਾਰ ਨੌਕਰੀ ਉਡੀਕਦਿਆਂ ਭਰਤੀ ਲਈ ਨਿਰਧਾਰਿਤ ਉਮਰ-ਸੀਮਾ ਲੰਘਾ ਚੁੱਕੇ ਉਮੀਦਵਾਰਾਂ ਲਈ ਉਮਰ-ਹੱਦ 37 ਤੋਂ 42 ਸਾਲ ਕੀਤੀ ਜਾਵੇ, ਬੈਕਲਾਗ ਈਟੀਟੀ ਦੀਆਂ 595 , 161 ਅਤੇ ਬੈਕਲਾਗ ਬੀਐੱਡ ਦੀਆਂ 90 ਅਸਾਮੀਆਂ ਦਾ ਹੱਲ ਕੱਢਿਆ ਜਾਵੇ ਅਤੇ ਅਧਿਆਪਕ ਭਰਤੀ ਸਬੰਧੀ ਕੈਬਨਿਟ ਵੱਲੋਂ ਈਟੀਟੀ ਉਮੀਦਵਾਰਾਂ ਲਈ ਹਟਾਈ ਗ੍ਰੈਜੂਏਸ਼ਨ ਅਤੇ ਬੀਐੱਡ ਲਈ ਹਟਾਈ 55 ਫੀਸਦੀ ਅੰਕਾਂ ਦੀ ਸ਼ਰਤ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਯੂਨੀਅਨ ਨੂੰ ਦਿੱਤੀ ਜਾਵੇ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਖਾਲੀ ਪਈਆਂ ਕਰੀਬ 30 ਹਜ਼ਾਰ ਅਸਾਮੀਆਂ ਭਰੀਆਂ ਜਾਣ। ਇਸ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ, ਗੁਰਪਿਆਰ ਕੋਟਲੀ ਤਰਕਸ਼ੀਲ ਸੁਸਾਇਟੀ ਆਗੂ , ਆਇਸਾ ਦੇ ਆਗੂ ਪਰਦੀਪ ਗੁਰੂ, ਸੰਦੀਪ ਸਿੰਘ, ਗੁਰਦੀਪ ਮਾਨਸਾ, ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਝੁਨੀਰ, ਬੇਰੁਜ਼ਗਾਰ ਅਧਿਆਪਕ ਆਗੂ ਨਵਜੀਵਨ ਬਰਨਾਲਾ, ਯੁੱਧਜੀਤ ਬਠਿੰਡਾ, ਜਗਜੀਤ ਸਿੰਘ ਜੋਧਪੁਰ, ਬਲਕਾਰ ਬੁਢਲਾਡਾ, ਸਪਿੰਦਰ ਖੁਡਾਲ ਨੇ ਵੀ ਸੰਬੋਧਨ ਕੀਤਾ।