ਜਗਦੀਸ਼ ਥਿੰਦ
ਫਾਜ਼ਿਲਕਾ, 12 ਫਰਵਰੀ:
ਜ਼ਿਲ੍ਹਾ ਫਾਜ਼ਿਲਕਾ ਵਿਖੇ ਪਿੰਡ ਪੱਧਰ ’ਤੇ ਮਗਨਰੇਗਾ ਸਕੀਮ ਤਹਿਤ ਚਲ ਰਹੇ ਵਿਕਾਸ ਕਾਰਜ਼ਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਸਹਾਇਕ ਪ੍ਰੋਗਰਾਮ ਅਫ਼ਸਰਾਂ, ਬਲਾਕ ਵਿਕਾਸ ਪੰਚਾਇਤ ਅਫ਼ਸਰਾਂ, ਗ੍ਰਾਮ ਰੋਜ਼ਗਾਰ ਸੇਵਕ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੇ ਸਮੂਹ ਸਹਾਇਕ ਪ੍ਰੋਗਰਾਮਾਂ ਅਫ਼ਸਰਾਂ ਤੋਂ ਜ਼ਿਲ੍ਹੇ ਦੇ ਪਿੰਡਾਂ ਅੰਦਰ ਸਾਲ 2019-20 ਦੌਰਾਨ ਕੀਤੇ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਲਈ ਅਤੇ ਰਹਿੰਦੇ ਕੰਮਾਂ ’ਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦੇ ਕੰਮਾਂ ਅੰਦਰ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ਼ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2020-21 ਦੌਰਾਨ ਪਿੰਡਾਂ ਅੰਦਰ ਹੋਣ ਵਾਲੇ ਕੰਮਾਂ ਨੰੂ ਯੋਜਨਾਬੰਦ ਤਰੀਕੇ ਨਾਲ ਲਾਗੂ ਕਰਵਾਇਆ ਜਾਵੇ, ਤਾਂ ਜੋ ਜ਼ਿਲ੍ਹੇ ਦੇ ਪਿੰਡਾਂ ਨੰੂ ਸ਼ਹਿਰਾਂ ਦੀ ਤਰਜ਼ ਤੇ ਹਰੇਕ ਲੋੜੀਂਦੀ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਸਕੇ।
ਸ .ਸੰਧੂ ਨੇ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੰੂ ਹਦਾਇਤ ਕੀਤੀ ਕਿ ਹਰੇਕ ਹਫ਼ਤੇ ਵਿਭਾਗੀ ਅਧਿਕਾਰੀਆਂ ਨਾਲ ਮਗਰਨਰੇਗਾ ਦੇ ਕੰਮ ਦੀ ਕਾਰਗੁਜ਼ਾਰੀ ਬਾਰੇ ਮੀਟਿੰਗ ਕੀਤੀ ਜਾਵੇ। ਸ. ਸੰਧੂ ਨੇ ਕਿਹਾ ਕਿ ਉਨਾਂ ਵੱਲੋਂ ਨਿੱਜੀ ਤੌਰ ਤੇ ਪਿੰਡ ਪੱਧਰ ’ਤੇ ਪਹੰੁਚ ਕਰਕੇ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਸਥਾਪਤ ਸਕੂਲਾਂ ਅੰਦਰ ਪਾਰਕ, ਪਲੇਅ ਗਰਾਊਂਡ, ਚਾਰਦੀਵਾਰੀ, ਟੋਆਇਲਟ, ਕਿਚਨ ਸੈਡ ਆਦਿ ਕੰਮਾਂ ਨੰੂ ਲਾਜ਼ਮੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਸਫ਼ਾਈ, ਇੰਟਰਲਾਕਿੰਗ ਟਾਇਲਾਂ ਦੇ ਕੰਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਪ੍ਰਾਪਤ ਹੋਈ ਗ੍ਰਾਂਟ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਐਸ.ਡੀ.ਐਮ. ਫਾਜ਼ਿਲਕਾ ਸੁਭਾਸ਼ ਖੱਟਕ, ਮਗਨਰੇਗਾ ਸਟਾਫ਼ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।