ਲੋਕੇਸ਼ ਰਿਸ਼ੀ
ਗੁਰਦਾਸਪੁਰ, 14 ਫਰਵਰੀ 2020- ਵਿਜੀਲੈਂਸ ਵਿਭਾਗ ਵੱਲੋਂ ਸਥਾਨਕ ਕਸਬਾ ਬਹਿਰਾਮਪੁਰ ਵਿਖੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਰਿਸ਼ਵਤ ਖੋਰ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਘਟਨਾ ਦੀ ਤਸਦੀਕ ਕਰਦਿਆਂ ਵਿਜੀਲੈਂਸ ਵਿਭਾਗ ਗੁਰਦਾਸਪੁਰ ਦੀ ਡੀ.ਐੱਸ.ਪੀ ਕਮਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਇੱਕ ਸ਼ਿਕਾਇਤ ਸਬੰਧੀ ਕਾਰਵਾਈ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਬਹਿਰਾਮ ਪੁਰ ਵਿਖੇ ਤਾਇਨਾਤ ਏ.ਐੱਸ.ਆਈ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਏ.ਐੱਸ.ਆਈ ਦੀ ਪਹਿਚਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਥਾਣਾ ਬਹਿਰਾਮ ਪੁਰ ਵਿਖੇ ਤਾਇਨਾਤ ਹੈ।
ਡੀ.ਐੱਸ.ਪੀ ਕਮਲਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਸਰਬਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮਟਮ, ਨਜ਼ਦੀਕ ਜੇਲ੍ਹ ਰੋਡ ਗੁਰਦਾਸਪੁਰ ਵੱਲੋਂ ਹੈਲਪ ਲਾਈਨ ਨੰ: 181 ਉੱਪਰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕਿ ਥਾਣਾ ਬਹਿਰਾਮ ਪੁਰ ਵਿਖੇ ਤਾਇਨਾਤ ਏ ਐੱਸ ਆਈ ਹਰਜਿੰਦਰ ਸਿੰਘ ਵੱਲੋਂ ਇੱਕ ਕੇਸ ਨੂੰ ਰਫ਼ਾ-ਦਫ਼ਾ ਕਰਨ ਸਬੰਧੀ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸੇ ਸ਼ਿਕਾਇਤ ਸਬੰਧੀ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਏ.ਐੱਸ.ਆਈ ਹਰਜਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਨਕਦ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ। ਨਾਲ ਡੀ.ਐੱਸ.ਪੀ ਕਮਲਦੀਪ ਕੌਰ ਨੇ ਦੱਸਿਆ ਕਿ ਫ਼ਿਲਹਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਨ ਮਗਰੋਂ ਜੇਲ੍ਹ ਭੇਜ ਦਿੱਤਾ ਜਾਵੇਗਾ।