ਅਸ਼ੋਕ ਵਰਮਾ
- ਲੋਕ ਹਿਤੈਸ਼ੀ ਜਥੇਬੰਦੀਆਂ ਪੰਜਾਬ ਸਰਕਾਰ ਦੇ ਖਿਲਾਫ ਛੇੜਨਗੀਆਂ ਸੰਘਰਸ਼
ਮਾਨਸਾ, 14 ਫਰਵਰੀ 2020 - ਪੰਜਾਬ ਸਰਕਾਰ ਵੱਲੋਂ ਗਰੀਬ ਵਰਗ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਰਕਾਰੀ ਸਿਹਤ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਗਰੀਬ ਲੋਕਾਂ ਨੂੰ ਦਿਤੀਆਂ ਜਾਂਦੀਆਂ ਸਰਕਾਰੀ ਸਿਹਤ ਸੇਵਾਵਾਂ ’ਤੇ ਇਹ ਡਾਕਾ ਕਿਰਤੀ ਅਤੇ ਲੋੜਵੰਦ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੈ। ਚੋਣਾਂ ਸਮੇਂ ਲੋਕਾਂ ਨਾਲ ਸਰਕਾਰ ਨੇ ਸਿਹਤ ਅਤੇ ਸਿੱਖਿਆ ਮੁਫਤ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ।
ਪੰਜਾਬ ਦੇ ਲੋਕ ਇਸ ਸਰਕਾਰ ਨੂੰ ਕਦੇ ਮੁਆਫ ਨਹੀਂ ਕਰਨਗੇ। ਲੱਕ ਤੋੜਵੀਂ ਮਹਿੰਗਾਈ ਨਾਲ ਲੋਕ ਪ੍ਰਾਈਵੇਟ ਸੈਕਟਰ ਦੀਆਂ ਸਿਹਤ ਸੇਵਾਵਾਂ ਲੈਣ ਤੋਂ ਅਸਮਰੱਥ ਹਨ ਕਿਉਂਕਿ ਪ੍ਰਾਈਵੇਟ ਸਿਹਤ ਸੇਵਾਵਾਂ ਬਹੁਤ ਮਹਿੰਗੀਆਂ ਹਨ। ਇਸ ਲਈ ਸਰਕਾਰ ਤੋਂ ਪੁਰਜ਼ੋਰ ਮੰਗ ਹੈ ਕਿ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਸਿਹਤ ਸੇਵਾਵਾਂ ਜਾਰੀ ਰੱਖੀਆਂ ਜਾਣ, ਸਰਕਾਰੀ ਹਸਪਤਾਲਾਂ ਵਿੱਚ ਹੁੰਦਾ ਇਲਾਜ ਬਿਲਕੁਲ ਫਰੀ ਕੀਤਾ ਜਾਵੇ ਅਤੇ ਸਟਾਫ ਤੇ ਦਵਾਈਆਂ ਦੀ ਕਮੀ ਪੂਰੀ ਕੀਤੀ ਜਾਵੇ।
ਇਸਤੋਂ ਇਲਾਵਾ ਹਸਪਤਾਲਾਂ ਵਿੱਚ ਸਾਰੇ ਮੈਡੀਕਲ ਟੈਸਟ ਐਕਸ ਰੇ, ਐਮਆਰਆਈ, ਈਸੀਜੀ ਆਦਿ ਮੁਫਤ ਕੀਤੇ ਜਾਣ ਕਿਉਂਕਿ ਪ੍ਰਾਈਵੇਟ ਖੇਤਰ ਦੇ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਅੱਜ ਦੇ ਮਹਿੰਗਾਈ ਦੇ ਯੁਗ ਵਿੱਚ ਇਲਾਜ ਕਰਵਾਉਣਾ ਸੰਭਵ ਨਹੀਂ ਹੈ। ਇਸ ਲਈ ਪੰਜਾਬ ਦੀਆਂ ਸਾਰੀਆਂ ਤੀਜੀਆਂ ਧਿਰਾਂ ਇਕੱਠੀਆਂ ਹੋ ਕੇ ਜਿਸ ਵਿੱਚ ਖੱਬੇ ਪੱਖੀ ਪਾਰਟੀਆਂ ਜਿਵੇਂ ਕਿ ਸੀਪੀਆਈ (ਐਮ.ਐਲ.), ਆਰਐਮਪੀਆਈ, ਬਹੁਜਨ ਸਮਾਜ ਪਾਰਟੀ, ਪੰਜਾਬ ਦੀਆਂ ਕਿਸਾਨ ਯੂਨੀਅਨਾਂ, ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨਾਂ, ਸਮਾਜਿਕ ਅਤੇ ਜਮਹੂਰੀ ਜਥੇਬੰਦੀਆਂ ਇਸ ਮੁੱਦੇ ਨੂੰ ਲੈ ਕੇ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲਣਗੀਆਂ ਜੇਕਰ ਕੈਪਟਨ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ। ਇਸ ਸਮੇਂ ਰੁਲਦੂ ਸਿੰਘ ਮਾਨਸਾ ਕਿਸਾਨ ਆਗੂ, ਗੁਰਲਾਭ ਸਿੰਘ ਮਾਹਲ ਐਡਵੋਕੇਟ ਸੋਸ਼ਲ ਵਰਕਰ, ਧੰਨਾ ਮੱਲ ਗੋਇਲ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ, ਕਾ. ਮੇਜਰ ਸਿੰਘ ਆਰਐਮਪੀਆਈ, ਆਤਮਾ ਸਿੰਘ ਪਰਮਾਰ ਬੀਐਸਪੀ, ਦਰਸ਼ਨ ਸਿੰਘ ਰਾਠੀ ਬੀਐਸਪੀ ਅਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ।