← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ ,17 ਫਰਵਰੀ 2020: ਭਾਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਤਹਿਤ 18 ਮਾਰਚ ਨੂੰ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਦਿੱਲੀ ਸਦਨ ਦਾ ਘਿਰਾਓ ਕਰਕੇ ਜੰਤਰ-ਮੰਤਰ ਵਿਖੇ ਕੀਤੀ ਜਾ ਰਹੀ 'ਕਿਸਾਨ ਪੰਚਾਇਤ' ਨੂੰ ਲੈ ਕੇ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਤੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾਂ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਕੈਬਨਿਟ ਦੇ ਕਈ ਮੰਤਰੀਆਂ ਨੇ ਲੋਕ ਸਭਾ ਚੋਣਾਂ ਦੌਰਾਨ ਦੇਸ਼ ਦੇ ਕਿਸਾਨਾਂ ਨੂੰ ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਣ, ਕਿਸਾਨਾਂ ਨੂੰ ਜਿਣਸਾਂ ਦੇ ਭਾਅ ਖੇਤੀ ਲਾਗਤਾਂ ਤੋਂ 50 ਫ਼ੀਸਦੀ ਵਧੇਰੇ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ | ਪਰ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਕੋਰਾ ਜਵਾਬ ਦੇ ਦਿੱਤਾ ਹੈ | ਜਿਸ ਕਰਕੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਿੰਦੁਸਤਾਨ ਪੱਧਰ ਦਾ ਸੰਘਰਸ਼ 'ਦਿੱਲੀ ਕਿਸਾਨ ਪੰਚਾਇਤ' ਦੇ ਨਾਂਅ 'ਤੇ ਉਲੀਕਿਆ ਗਿਆ ਹੈ | ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਤੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ ਹੈ | ਜ਼ਿਲ੍ਹਾ ਬਠਿੰਡਾ 'ਚੋਂ 800 ਤੋਂ ਵੱਧ ਕਿਸਾਨਾਂ ਦਾ ਜਥਾ ਦਿੱਲੀ ਪਹੁੰਚੇਗਾ |18 ਮਾਰਚ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਸਵੇਰੇ 9 ਵਜੇ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਜੰਤਰ-ਮੰਤਰ ਧਰਨੇ ਲਈ ਰਵਾਨਾ ਹੋਣਗੇ |
Total Responses : 107