ਮਨਪ੍ਰੀਤ ਸਿੰਘ ਜੱਸੀ
ਅੰਮਿ੍ਤਸਰ, 17 ਫਰਵਰੀ 2020 : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ 21 ਫਰਵਰੀ ਨੂੰ ਸਤਿਕਾਰ ਪੈਲੇਸ, ਠੱਠੀਆਂ ਮਹੰਤਾਂ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਤੇ ਅਕਾਲੀ ਦਲ 1920 ਦੇ ਪ੍ਰਧਾਨ ਸ: ਰਵੀਇੰਦਰ ਸਿੰਘ ਸੰਬੋਧਨ ਕਰਨਗੇ | ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਤੇ ਅਕਾਲੀ ਜਥਾ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਨੇ ਦੱਸਿਆ ਦਲ ਵਲੋਂ ਕਾਨਫਰੰਸਾਂ ਦਾ ਸਿਲਸਿਲਾ ਸਾਰੇ ਪੰਜਾਬ 'ਚ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨਫਰੰਸ ਦਾ ਕਰਵਾਉਣ ਦਾ ਮੰਤਵ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਨੂੰ ਕਾਇਮ ਰੱਖਣਾ, ਸ਼੍ਰੋਮਣੀ ਕਮੇਟੀ ਤੇ ਇਸ ਦੇ ਅਧੀਨ ਚਲ ਰਹੀਆਂ ਸਿੱਖ ਸੰਸਥਾਵਾਂ ਨੂੰ ਸਿਆਸੀ ਗਲਬੇ ਤੋਂ ਮੁਕਤ ਕਰਵਾਉਣਾ, ਸ਼੍ਰੋਮਣੀ ਅਕਾਲੀ ਦਲ 'ਚ ਜ਼ਮਹੂਰੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਯਤਨਸ਼ੀਲ ਹੋਣਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਰੋਕਣਾ, ਬਰਗਾੜੀ ਤੇ ਬਹਿਬਲ ਕਲਾਂ ਦੇ ਖੂਨੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ, ਪੰਜਾਬ ਨੂੰ ਨਸ਼ਾ ਮੁਕਤ ਕਰਨਾ, ਧਾਰਮਿਕ ਤੌਰ 'ਤੇ ਸਿੱਖ ਵਿਰਸਾ ਸੰਭਾਲ ਪ੍ਰੋਗਰਾਮਾਂ ਨੂੰ ਚਲਾਉਣਾ ਤੇ ਦੇਸ਼ ਵਿਦੇਸ਼ 'ਚ ਸਿੱਖ ਮਸਲਿਆਂ ਦੀ ਖ਼ਾਤਿਰ ਢਾਲ ਬਣ ਕੇ ਚਲਣਾ ਆਦਿ ਸ਼ਾਮਿਲ ਹਨ |