ਲੋਕੇਸ਼ ਰਿਸ਼ੀ
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਤਰਫ਼਼ ਤੋਂ ਡਿਪਟੀ ਕਮਿਸ਼ਨਰ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਗੁਰਦਾਸਪੁਰ, 26 ਫਰਵਰੀ 2020 - ਬੀਤੇ ਦਿਨੀਂ ਪਟਿਆਲਾ ਵਿਖੇ ਐਨ.ਸੀ.ਸੀ ਕੈਡਟਾਂ ਨੂੰ ਜਹਾਜ਼ ਉਡਾਉਣ ਦੀ ਸਿਖਲਾਈ ਦੇਣ ਮੌਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਾਈ ਸੈਨਾ ਦੇ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਦਾ ਉਨ੍ਹਾਂ ਦੇ ਜੱਦੀ ਪਿੰਡ ਆਲੋਵਾਲ ਬਲਾਕ ਧਾਰੀਵਾਲ ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ, ਐੱਸ.ਡੀ.ਐਮ ਗੁਰਦਾਸਪੁਰ, ਐੱਸ.ਪੀ (ਹੈੱਡਕੁਆਟਰ) ਗੁਰਦਾਸਪੁਰ ਅਤੇ ਏਅਰ ਫੋਰਸ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ ਤੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਸ਼ਹੀਦ ਗੁਰਪ੍ਰੀਤ ਸਿੰਘ ਚੀਮਾ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ, ਜਿਨ੍ਹਾਂ ਦੀ ਬਦੌਲਤ ਅਸੀਂ ਸਾਰੇ ਬੇਖ਼ੌਫ ਆਪਣੇ ਘਰਾਂ ਵਿਚ ਰਹਿੰਦੇ ਹਾਂ। ਉਨ੍ਹਾਂ ਕਿਹਾ ਪੂਰੇ ਦੇਸ਼ ਨੂੰ ਸ਼ਹੀਦ ਗੁਰਪ੍ਰੀਤ ਸਿੰਘ ਚੀਮਾ ਦੀ ਸ਼ਹਾਦਤ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਅੰਦਰ ਦੇਸ਼ ਭਗਤੀ ਦੇ ਜਜ਼ਬੇ ਦੀ ਇਸ ਤੋਂ ਵੱਡੀ ਹੋਰ ਕੀ ਮਿਸਾਲ ਮਿਲ ਸਕਦੀ ਹੈ ਅੱਜ ਸ਼ਹੀਦ ਦੀ ਬੇਟੀ ਕੁੰਜਦੀਪ ਕੋਰ ਦਿੱਲੀ ਵਿਖੇ ਪਹਿਲੇ ਦਿਨ ਨੈਵਲ ਦੀ ਸਿਖਲਾਈ ਵਿਚ ਹਿੱਸਾ ਲੈਣ ਲਈ ਗਈ ਹੈ, ਜਿਸ ਤੋਂ ਸਾਫ਼ ਝਲਕਦਾ ਹੈ ਪਰਿਵਾਰ ਅੰਦਰ ਦੇਸ਼ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਪਰਿਵਾਰਾਂ ਅੱਗੇ ਸੀਸ ਝੁਕਾਉਂਦੇ ਹਾਂ ਤੇ ਬੇਟੀ ਦੇ ਸਫਲ ਭਵਿੱਖ ਦੀ ਕਾਮਨਾ ਕਰਦੇ ਹਾਂ।
ਡਿਪਟੀ ਕਮਿਸ਼ਨਰ ਨੇ ਸ਼ਹੀਦ ਦੀ ਪਤਨੀ ਸ੍ਰੀਮਤੀ ਨਵਨੀਤ ਕੋਰ ਅਤੇ ਉਨ੍ਹਾਂ ਦੇ ਪੁੱਤਰ ਭਵਗੁਰਨੀਤ ਸਿੰਘ (13) ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ। ਉਨ੍ਹਾਂ ਰਾਜ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਉਨ੍ਹਾਂ ਦੀ ਦੁੱਖ ਤਕਲੀਫ਼ ਵਿਚ ਉਨ੍ਹਾਂ ਨਾਲ ਖੜ੍ਹਾ ਹੈ। ਇਸ ਤੋਂ ਪਹਿਲਾਂ ਏਅਰ ਫੋਰਸ ਦੇ ਵੱਖ-ਵੱਖ ਯੂਨਿਟਾਂ ਵੱਲੋਂ ਸ਼ਹੀਦ ਗੁਰਪ੍ਰੀਤ ਸਿੰਘ ਚੀਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਭੁਪਿੰਦਰ ਸਿੰਘ ਵਿੱਟੀ ਮੈਂਬਰ ਐੱਸ.ਐੱਸ.ਬੋਰਡ, ਏਅਰ ਫੋਰਸ ਦੇ ਅਧਿਕਾਰੀ ਸ੍ਰੀ ਆਰ.ਕੇ ਮੌਰ, ਡੀ.ਐੱਸ ਦਾਖਾ, ਸਾਬਕਾ ਵਜ਼ੀਰ ਸੁੱਚਾ ਸਿੰਘ ਛੋਟੇਪੁਰ, ਕੁੰਵਰ ਰਵਿੰਦਰ ਵਿੱਕੀ, ਭੁਪਿੰਦਰ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ, ਸਤਵੰਤ ਸਿੰਘ ਬਾਠ ਬੀ.ਡੀ.ਪੀ.ਓ ਗੁਰਜੀਤ ਸਿੰਘ ਤੇ ਗੁਰਦੀਪ ਸਿੰਘ (ਸ਼ਹੀਦ ਦੇ ਭਰਾ) ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੌਜੂਦ ਸੀ।