ਹਰੀਸ਼ ਕਾਲੜਾ
- 'ਈਚ ਵਨ ਹੈਲਪ ਵਨ' ਦੇ ਨਾਅਰੇ ਨਾਲ ਮਿਲੇਗਾ ਮੁਹਿੰਮ ਨੂੰ ਨਵਾਂ ਰੂਪ
ਰੂਪਨਗਰ, 27 ਫਰਵਰੀ 2020 - ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਦਫਤਰ ਸ਼੍ਰੀ ਆਨੰਦਪੁਰ ਸਾਹਿਬ ਦੇ ਕਮੇਟੀ ਰੂਮ ਵਿੱਖ ਡੈਪੋ/ਬੱਡੀ ਸਬੰਧੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਰਾਜ ਦੇ ਸਰਕਾਰੀ ਕਰਮਚਾਰੀਆਂ ਪਾਸੋਂ ਵੀ ਨਸ਼ਾ ਪੀੜਤਾਂ ਦੇ ਇਲਾਜ ਲਈ ਵਿਸ਼ੇਸ਼ ਸਹਿਯੋਗ ਲਿਆ ਜਾਵੇਗਾ ਤਾਂ ਜੋ ਉਹ ਆਪਣੀ ਸਰਕਾਰੀ ਜ਼ਿੰਮੇਂਵਾਰੀ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀ ਨੂੰ ਵੀ ਨਿਭਾਅ ਸਕਣ।
ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ 'ਚ ਪਹਿਲਾਂ ਹੀ ਡੈਪੋ ਵਾਲੰਟੀਅਰਾਂ ਵਜੋਂ ਸ਼ਾਮਿਲ ਕੀਤਾ ਹੋਇਆ ਹੈ ਅਤੇ ਹੁਣ ਉਨਾਂ ਦੀ ਭੂਮਿਕਾ ਨੂੰ ਨਵਾਂ ਰੂਪ ਦੇਣ ਲਈ 'ਈਚ ਵਨ ਹੈਲਪ ਵਨ' ਦਾ ਨਾਅਰਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਵੇਂ ਰੂਪ 'ਚ ਹਰੇਕ ਸਰਕਾਰੀ ਕਰਮਚਾਰੀ ਨੂੰ ਘੱਟੋ-ਘੱਟ ਇੱਕ ਨਸ਼ਾ ਪੀੜਤ ਨੂੰ ਨਸ਼ਾ ਰਹਿਤ ਕਰਵਾਉਣ 'ਚ ਸਰਕਾਰ ਦਾ ਸਹਿਯੋਗ ਕੀਤਾ ਜਾਵੇਗਾ ਅਤੇ ਉਸ ਪੀੜਤ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇਗਾ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ 23 ਮਾਰਚ ਨੂੰ ਹਰੇਕ ਐਸ. ਡੀ. ਐਮ. ਵੱਲੋਂ ਵਿਧਾਨ ਸਭਾ ਹਲਕਾ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਇੱਕ ਜਾਗਰੂਕਤਾ ਸਮਾਗਮ ਵੀ ਕਰਵਾਇਆ ਜਾਵੇਗਾ ਜਿਸ ਵਿੱਚ ਜਨਤਕ ਨੁਮਾਇੰਦੇ, ਪਤਵੰਤੇ, ਡੈਪੋ, ਪੰਚ-ਸਰਪੰਚ ਵੀ ਸ਼ਾਮਲ ਹੋਣਗੇ। ਸਮਾਗਮ ਦੌਰਾਨ ਜਿੱਥੇ ਨਸ਼ਿਆਂ ਖ਼ਿਲਾਫ਼ ਮੁਹਿੰਮ ਬਾਰੇ ਜਾਗਰੂਕ ਕੀਤਾ ਜਾਵੇਗਾ ਉੱਥੇ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਵਾਈ ਜਾਵੇਗੀ। ਇਸ ਦੇ ਨਾਲ ਹੀ ਜ਼ਿਲੇ ਦੇ ਸਕੂਲਾਂ ਵਿੱਚ ਵੀ 23 ਮਾਰਚ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ 'ਚ ਜ਼ਿਲੇ 'ਚ ਨਸ਼ਿਆਂ ਖ਼ਿਲਾਫ਼ ਵੱਖ-ਵੱਖ ਪੱਧਰ 'ਤੇ ਕੀਤੀ ਜਾ ਰਹੀ ਕਾਰਵਾਈ ਅਤੇ ਪੀੜਤਾਂ ਦੇ ਇਲਾਜ ਸਬੰਧੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ, ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਵੀ ਕੀਤੀਆਂ।