ਲੋਕੇਸ਼ ਰਿਸ਼ੀ
- ਮਾਝੇ ਦੇ ਲੋਕ ਵੀ ਮਾਲਵੇ ਅਤੇ ਦੁਆਬੇ ਵਾਂਗ ਚੰਗੀਆਂ ਨਸਲਾਂ ਦੇ ਪਸ਼ੂ ਪਾਲਣੇ ਸ਼ੁਰੂ ਕਰਨ - ਮੰਤਰੀ ਬਾਜਵਾ
ਗੁਰਦਾਸਪੁਰ, 27 ਫਰਵਰੀ 2020 - ਸੂਬੇ ਦੇ ਇਤਿਹਾਸਕ ਸ਼ਹਿਰ ਬਟਾਲਾ ਵਿਖੇ ਅੱਜ ਕੌਮੀ ਪਸ਼ੂ-ਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਦੀ ਧੂਮਧੜੱਕੇ ਨਾਲ ਸ਼ੁਰੂਆਤ ਹੋ ਗਈ ਹੈ। ਪੰਜ ਰੋਜ਼ਾ ਇਸ ਕੌਮੀ ਪਸ਼ੂ-ਧਨ ਚੈਂਪੀਅਨਸ਼ਿਪ ਦਾ ਅਵਾਜ਼ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਬਾਜਵਾ ਨੇ ਬਟਾਲਾ ਦੀ ਪੁੱਡਾ ਗਰਾਊਂਡ ਵਿਖੇ 11ਵੀਂ ਕੌਮੀ ਪਸ਼ੂ-ਧਨ ਚੈਂਪੀਅਨਸ਼ਿਪ ਦਾ ਝੰਡਾ ਲਹਿਰਾ ਕੇ ਰਸਮੀ ਤੌਰ 'ਤੇ ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਬਾਜਵਾ ਨਾਲ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਰਾਜਕਮਲ ਚੌਧਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਨਾਨ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਇੰਦਰਜੀਤ ਸਿੰਘ, ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਮਰਜੀਤ ਸਿੰਘ ਨੰਦਾ, ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਭੁਪਿੰਦਰ ਸਿੰਘ ਮਾਨ ਸਾਬਕਾ ਰਾਜ ਸਭਾ ਮੈਂਬਰ, ਡਾ. ਨਿੱਜੀ ਸਿੰਘ ਡੀਨ ਵੈਟਰਨਰੀ ਕਾਲਜ, ਨਬਾਰਡ ਦੇ ਚੀਫ਼ ਜਨਰਲ ਮੈਨੇਜਰ ਜੀ.ਪੀ. ਐੱਸ ਬਿੰਦਰਾ, ਪੀ.ਐੱਚ.ਡੀ. ਚੈਂਬਰ ਤੋਂ ਆਰ.ਐੱਸ. ਸਚਦੇਵਾ, ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡਾ. ਸਰਬਜੀਤ ਸਿੰਘ ਰੰਧਾਵਾ, ਡਾ. ਸਤਿਬੀਰ ਸਿੰਘ ਬਾਜਵਾ ਜਾਇੰਟ ਡਾਇਰੈਕਟਰ, ਡਾ. ਖੋਸਲਾ, ਡਾ. ਗੁਰਦੇਵ ਸਿੰਘ ਸਮੇਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਖੇਤੀ ਵਿਗਿਆਨੀ ਵੀ ਜਾਇਆ ਸਨ।
11ਵੀਂ ਕੌਮੀ ਪਸ਼ੂ-ਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਦਾ ਆਗਾਜ਼ ਕਰਦਿਆਂ ਅਵਾਜ਼ ਪਾਲਣ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਦਾ ਕਿੱਤਾ ਬਹੁਤ ਮੁਨਾਫ਼ੇ ਵਾਲਾ ਕਿੱਤਾ ਹੈ ਅਤੇ ਖੇਤੀਬਾੜੀ ਦੇ ਨਾਲ ਇਸ ਨੂੰ ਸਹਾਇਕ ਧੰਦੇ ਵਜੋਂ ਅਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਉਨ੍ਹਾਂ ਨੂੰ ਮੁਫ਼ਤ ਸਿਖਲਾਈ ਦੇ ਨਾਲ ਕਿੱਤਾ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਕਰਜ਼ੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਦੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਅਸੀਮ ਸੰਭਾਵਨਾਵਾਂ ਹਨ ਅਤੇ ਸੂਬੇ ਦੇ ਕਿਸਾਨਾਂ ਨੂੰ ਇਸ ਖੇਤਰ ਵਿੱਚ ਆਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਬਟਾਲਾ ਵਿਖੇ ਹੋ ਰਹੀ ਇਹ ਕੌਮੀ ਪੱਧਰ ਦੀ ਪਸ਼ੂ-ਧਨ ਚੈਂਪੀਅਨਸ਼ਿਪ ਅਤੇ ਐਗਰੋ ਐਕਸਪੋ ਇਸ ਖ਼ਿੱਤੇ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਭਰਾ ਇਸ ਚੈਂਪੀਅਨਸ਼ਿਪ ਵਿੱਚ ਪਹੁੰਚ ਕੇ ਬਹੁਤ ਵਡਮੁੱਲੀ ਜਾਣਕਾਰੀ ਹਾਸਲ ਕਰ ਸਕਣਗੇ ਜੋ ਅੱਗੋਂ ਉਨ੍ਹਾਂ ਦੇ ਕੰਮ ਆਵੇਗੀ। ਬਾਜਵਾ ਨੇ ਕਿਹਾ ਕਿ ਪੰਜ ਦਿਨ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿੱਚ ਦੁੱਧ ਚੁਆਈ ਅਤੇ ਨਸਲ ਦੇ ਮੁਕਾਬਲਿਆਂ ਵਿੱਚ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲੀ ਵਾਰ ਇਹ ਕੌਮੀ ਪੱਧਰ ਦੀ ਚੈਂਪੀਅਨਸ਼ਿਪ ਮਾਝਾ ਖੇਤਰ ਵਿੱਚ ਕਰਵਾਈ ਜਾ ਰਹੀ ਹੈ ਅਤੇ ਇਸ ਪਸ਼ੂ ਧੰਨ ਮੇਲੇ ਨੂੰ ਕਿਸਾਨਾਂ ਅਤੇ ਪਸ਼ੂ ਪਾਲਕਾਂ ਵੱਲੋਂ ਬਹੁਤ ਵੱਡਾ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਮਾਹਿਰਾਂ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਪਾਲਣ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ।
ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਖੋਜਾਂ ਤੋਂ ਇਹ ਸਿੱਧ ਹੋਇਆ ਹੈ ਕਿ ਗਊਆਂ ਵਾਂਗ ਮੱਝਾਂ ਪਾਲਣ ਦਾ ਕਿੱਤਾ ਵੀ ਬਹੁਤ ਲਾਹੇਵੰਦਾ ਹੈ ਅਤੇ ਮੱਝਾਂ ਪਾਲਣ ਦੇ ਕਿੱਤੇ ਵਿੱਚ ਚੋਖੀ ਆਮਦਨ ਕਮਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦੁੱਧ ਦੀ ਮੰਗ ਜ਼ਿਆਦਾ ਹੈ ਅਤੇ ਲੋੜ ਮੁਤਾਬਿਕ ਦੁੱਧ ਦਾ ਉਤਪਾਦਨ ਨਹੀਂ ਹੋ ਰਿਹਾ ਹੈ ਜਿਸ ਕਾਰਨ ਇਸ ਖੇਤਰ ਵਿੱਚ ਸਫਲ ਹੋਣ ਦੀਆਂ 100 ਫ਼ੀਸਦੀ ਸੰਭਾਵਨਾਵਾਂ ਹਨ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ।
ਇਸ ਉਪਰੰਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੱਖ-ਵੱਖ ਪਸ਼ੂਆਂ ਦੀਆਂ ਨਸਲਾਂ ਦੇ ਮੁਕਾਬਲਿਆਂ ਨੂੰ ਦੇਖਿਆ ਅਤੇ ਪਸ਼ੂ ਪਾਲਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਵੀ ਕੀਤਾ।
ਦੱਸਣਯੋਗ ਹੈ ਕਿ ਪੰਜ ਦਿਨ ਚੱਲਣ ਵਾਲੀ ਇਸ ਕੌਮੀ ਪਸ਼ੂ-ਧਨ ਚੈਂਪੀਅਨਸ਼ਿਪ ਵਿੱਚ ਗਾਵਾਂ, ਮੱਝਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲੇ ਹਨ ਅਤੇ ਨਾਲ ਹੀ ਘੋੜੇ, ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ, ਕੁੱਤੇ, ਪੋਲਟਰੀ ਦੇ ਨਸਲਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। 28 ਫਰਵਰੀ ਨੂੰ ਇਸ ਮੇਲੇ ਵਿੱਚ ਘੋੜਿਆਂ ਦੀ ਸਰਪਟ ਦੌੜ ਅਤੇ ਰੇਬੀਆ ਚਾਲ ਦੇ ਮੁਕਾਬਲੇ ਮੁੱਖ ਆਕਰਸ਼ਣ ਦਾ ਕੇਂਦਰ ਬਣਨਗੇ।