ਮੀਟਿੰਗ ਦੌਰਾਨ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ, ਨਾਲ ਮੌਜੂਦ ਹਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ
ਜਗਦੀਸ਼ ਥਿੰਦ
ਫਾਜ਼ਿਲਕਾ, 28 ਫਰਵਰੀ:
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਅੱਜ ਇਥੇੇ ਨਗਰ ਨਿਗਮ ਅਬੋਹਰ ਅਤੇ ਫਾਜ਼ਿਲਕਾ, ਜਲਾਲਾਬਾਦ ਨਗਰ ਕੌਸਲਾਂ ਸਮੇਤ ਸਫ਼ਾਈ ਕਰਮਚਾਰੀਆਂ ਦੀ ਭਲਾਈ ਨਾਲ ਸਬੰਧਤ ਜ਼ਿਲ੍ਹੇ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਜਨਸੰਖਿਆਂ ਦੇ ਵਾਧੇ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਮੱਦੇਨਜ਼ਰ ਸਫ਼ਾਈ ਕਰਮਚਾਰੀਆਂ ਦੀ ਵਰਤਮਾਨ ਜਰੂਰਤਾਂ ਸਬੰਧੀ ਤੱਥਾਂ ਦੇ ਆਧਾਰ ਤੇ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਤਾਂ ਜੋ ਸਰਕਾਰ ਤੋਂ ਨਵੀਆਂ ਪੋਸਟਾਂ ਪ੍ਰਵਾਨ ਕਰਵਾ ਕੇ ਸਫ਼ਾਈ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਫਾਈ ਸੇਵਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੈ ਅਤੇ ਕਮਿਸ਼ਨ ਸਫਾਈ ਸੇਵਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦੇਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਭਾਗਾਂ ਵਿੱਚ ਸਫਾਈ ਸੇਵਕਾਂ ਦੀਆਂ ਅਸਾਮੀਆਂ ਖਾਲੀ ਹਨ ਉਨ੍ਹਾਂ ਦੀ ਸੂਚਨਾ ਕਮਿਸ਼ਨ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਅਸਾਮੀਆਂ ਨੂੰ ਭਰਨ ਸਬੰਧੀ ਅਗਲੇਰੀ ਕਾਰਵਾਈ ਜਲਦ ਤੋਂ ਜਲਦ ਸ਼ੁਰੂ ਕੀਤੀ ਜਾ ਸਕੇ।
ਉਨ੍ਹਾਂ ਵੱਲੋਂ ਸਫਾਈ ਸੇਵਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਤਿੰਨ ਮੈਂਬਰੀ ਵਿਸੇਸ ਜਾਂਚ ਦਲ ਦੇ ਗਠਨ ਦਾ ਐਲਾਨ ਕੀਤਾ, ਜਿਸਦੇ ਵਿੱਚ ਜ਼ਿਲ੍ਹਾ ਭਲਾਈ ਅਫ਼ਸਰ, ਕਿਰਤ ਇੰਸਪੈਕਟਰ ਅਤੇ ਐਸ.ਪੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਜਾਂਚ ਦਲ ਵੱਖ ਵੱਖ ਵਿਭਾਗਾਂ ਵੱਲੋਂ ਸਫ਼ਾਈ ਦੇ ਦਿੱਤੇ ਜਾਣ ਵਾਲੇ ਕੰਮ ਸਬੰਧੀ ਜਾਂਚ ਕਰਕੇ ਇਹ ਪਤਾ ਲਗਾਇਆ ਕਿ ਕਿਥੇ ਕਰਮਚਾਰੀਆਂ ਨੂੰ ਡੀ.ਸੀ ਰੇਟ ਤੋਂ ਘੱਟ ਤਨਖਾਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਡੀ.ਸੀ. ਰੇਟ ਤੋਂ ਘੱਟ ਤਨਖਾਹ ਦੇਣ ਵਾਲੇ ਠੇਕੇਦਾਰਾਂ ਖਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਬਲੈਕਲਿਸਟ ਕਰਨ ਦੇ ਨਿਰਦੇਸ ਵੀ ਦਿੱਤੇ ਅਤੇ ਕਿਹਾ ਕਿ ਜੇਕਰ ਕਿਸੇ ਠੇਕੇਦਾਰ ਵੱਲੋਂ ਈ.ਪੀ.ਐਫ ਜਮ੍ਹਾਂ ਨਹੀ ਕਰਵਾਇਆ ਜਾ ਰਿਹਾ ਤਾਂ ਉਸਦੀ ਰਿਕਵਰੀ ਤੁਰੰਤ ਠੇਕੇਦਾਰ ਤੋਂ ਵਿਆਜ਼ ਸਮੇਤ ਕੀਤੀ ਜਾਵੇ। ਚੇਅਰਮੈਨ ਗੇਜਾ ਰਾਮ ਨੇ ਜ਼ਿਲ੍ਹੇ ਦੇ ਸਮੂਹ ਅਫਸਰਾਂ ਨੂੰ ਕਿਹਾ ਕਿ ਉਨ੍ਹਾਂ ਅਧੀਨ ਕੰਮ ਕਰ ਰਹੇ ਸਫਾਈ ਸੇਵਕਾਂ ਦੀਆਂ ਤਨਖਾਹਾਂ ਸਿੱਧੇ ਤੌਰ ’ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਉਣੀਆਂ ਯਕੀਨੀ ਬਣਾਈਆਂ ਜਾਣ।
ਉਨ੍ਹਾਂ ਕਿਹਾ ਪੜ੍ਹੇ ਲਿਖੇ ਸਫ਼ਾਈ ਸੇਵਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਦੇ ਆਧਾਰ ’ਤੇ ਤਰੱਕੀ ਦੇਣੀ ਯਕੀਨੀ ਬਣਾਈ ਜਾਵੇ।
ਇਸ ਤੋਂ ਪਹਿਲਾ ਸ੍ਰੀ ਗੇਜਾ ਰਾਮ ਜੀ ਭਗਵਾਨ ਵਾਲਮੀਕਿ ਮੰਦਿਰ ਫਾਜ਼ਿਲਕਾ ਵਿਖੇ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਚੇਅਰਮੈਨ ਸ੍ਰੀ ਗੇਜਾ ਰਾਮ ਨੂੰ ਫਾਜ਼ਿਲਕਾ ਪਹੰੁਚਣ ’ਤੇ ਜੀ ਆਇਆ ਆਖਿਆ ਅਤੇ ਜ਼ਿਲ੍ਹੇ ਅੰਦਰ ਹਰੇਕ ਵਿਭਾਗ ’ਚ ਤਾਇਨਾਤ ਸਫ਼ਾਈ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ. ਜਲਾਲਾਬਾਦ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਮੈਡਮ ਪੂਨਮ ਸਿੰਘ, ਐਸ.ਪੀ. ਕੁਲਦੀਪ ਸ਼ਰਮਾ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ, ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ, ਤਹਿਸੀਲਦਾਰ ਪਵਨ ਕੁਮਾਰ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫਸਰਾਂ ਤੇ ਹੋਰ ਅਧਿਕਾਰੀ ਅਤੇ ਸਫਾਈ ਸੇਵਕ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।