ਪਟਿਆਲਾ, 28 ਫਰਵਰੀ 2020 - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਮੈਕਸੀਮਮ ਸਕਿਉਰਟੀ ਜੇਲ, ਨਾਭਾ, ਓਪਨ ਏਅਰ ਜੇਲ, ਨਾਭਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਮੈਡਮ ਪਰਮਿੰਦਰ ਕੋਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੀ ਹਾਜ਼ਰ ਸਨ।
ਇਸ ਮੌਕੇ ਸ਼੍ਰੀ ਅਗਰਵਾਲ ਨੇ ਉਕਤ ਜ਼ੇਲ੍ਹ ਵਿੱਚ ਰਹਿ ਰਹੇ ਕੈਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਹਨਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਹਨਾਂ ਵੱਲੋਂ ਜੇਲਾਂ ਵਿਖੇ ਰਸੋਈ ਘਰਾਂ ਨੂੰ ਅਤੇ ਉੱਥੇ ਬਣਦੇ ਖਾਣੇ ਦੀ ਕੁਆਲਟੀ ਨੂੰ ਵੀ ਚੈੱਕ ਕੀਤਾ ਗਿਆ।
ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ।