ਹਰਿੰਦਰ ਨਿੱਕਾ
- ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਬਰਨਾਲਾ, 28 ਫਰਵਰੀ 2020 - ਹੁਣ ਔਰਤਾਂ ਕਿਸੇ ਖੇਤਰ ਵਿੱਚ ਵੀ ਪੁਰਸ਼ਾਂ ਤੋਂ ਪਿੱਛੇ ਨਹੀਂ ਰਹੀਆਂ, ਬਲਕਿ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੋਹ ਰਹੀਆਂ ਹਨ, ਜੋ ਬਹੁਤ ਮਾਣ ਵਾਲੀ ਗੱਲ ਹੈ। ਇਨ੍ਹਾਂ ਔਰਤਾਂ/ਲੜਕੀਆਂ ਦੀ ਪ੍ਰਾਪਤੀਆਂ ਨੂੰ ਪਹਿਚਾਣ ਦੇਣ ਅਤੇ ਔਰਤ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਕੌਮਾਂਤਰੀ ਵੂਮੈਨ ਡੇਅ ਮੌਕੇ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਸਮਾਗਮ ਕਰਾਇਆ ਜਾਣਾ ਹੈ। ਜਿਸ ਦੇ ਪ੍ਰਬੰਧਾਂ ਨੂੰ ਪੁਖਤਾ ਬਣਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਮੈਡਮ ਰੂਹੀ ਦੁੱਗ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਰੂਹੀ ਦੁੱਗ ਨੇ ਆਖਿਆ ਕਿ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਕੌਮਾਂਤਰੀ ਵੂਮੈਨ ਡੇਅ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰ 'ਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਗਤੀਵਿਧੀਆਂ ਵਿੱਚ ਮੋਟਰ ਬਾਈਕ ਰੈਲੀ, ਵਿਦਿਆਰਥਣਾਂ ਵੱਲੋਂ ਰੰਗੋਲੀ, ਪੇਂਟਿੰਗ, ਤੇ ਹੋਰ ਅਨੇਕਾਂ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਬਰਾਬਰੀ, ਮਹਿਲਾ ਸਸ਼ਕਤੀਕਰਨ ਅਤੇ ਔਰਤ ਸੁਰੱਖਿਆ ਦਾ ਸੁਨੇਹਾ ਘਰ ਘਰ ਪੁੱਜੇਗਾ।
ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਇਸ ਸਮਾਗਮ ਲਈ ਜ਼ਿੰਮੇਵਾਰੀਆਂ ਸੌਂਪਦੇ ਹੋਏ ਆਖਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ, ਐਸਡੀਐਮ ਸ. ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ, ਡੀਐਸਪੀ ਬਲਜੀਤ ਸਿੰਘ ਬਰਾੜ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।