ਰਜਨੀਸ਼ ਸਰੀਨ
ਪਟਿਆਲਾ, 08 ਮਾਰਚ 2020 - ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਕੀਤੇ ਚੋਣ ਵਾਅਦੇ ਨੂੰ ਯਾਦ ਕਰਵਾਉਣ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਖਾਲੀ ਪੋਸਟਾਂ ਨੂੰ ਭਰਨ ਦੀ ਮੰਗ ਕਰਨ ਲਈ ਅੱਜ ਪਟਿਆਲਾ ਵਿਖੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਇਸਤਰੀ ਦਿਵਸ 'ਤੇ ਬੇਰੁਜ਼ਗਾਰ ਅਧਿਆਪਕਾਵਾਂ ਅਤੇ ਅਧਿਆਪਕਾਂ 'ਤੇ ਪੰਜਾਬ ਪੁਲਿਸ ਵਲੋਂ ਵਹਿਸ਼ੀ ਤਸ਼ੱਦਦ ਅਤੇ ਲਾਠੀਚਾਰਜ ਕੀਤਾ ਗਿਆ।
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਜਿਲ੍ਹਾ ਸਕੱਤਰ ਬਿਕਰਮਜੀਤ ਸਿੰਘ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਜਿਲ੍ਹਾ ਸਕੱਤਰ ਹੁਸਨ ਲਾਲ ਪਬਲਿਕ ਹੈਲਥ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਜੰਗਲਾਤ ਵਰਕਰਜ਼ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਅਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਰਿੰਪੀ ਰਾਣੀ ਨੇ ਸਾਂਝੇ ਬਿਆਨ ਵਿੱਚ ਬੇਰੁਜ਼ਗਾਰ ਅਧਿਆਪਕਾਂ ਤੇ ਪਟਿਆਲਾ ਵਿਖੇ ਕੀਤੇ ਵਹਿਸ਼ੀ ਲਾਠੀਚਾਰਜ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਸਕੂਲਾਂ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ ਨਾ ਦੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਰਹੀ ਹੈ, ਪੰਜਾਬ ਦੇ ਬਜਟ ਵਿੱਚ ਜਨਤਕ ਸਿੱਖਿਆ ਲਈ ਸੂਬੇ ਦੀ ਜੀ.ਡੀ.ਪੀ. ਦਾ ਸਿਰਫ਼ 2% ਹਿੱਸਾ ਰੱਖ ਕੇ ਸਰਕਾਰੀ ਸਕੂਲਾਂ ਰਾਹੀਂ ਦਿੱਤੀ ਜਾਂਦੀ ਸਿਖਿਆ ਦਾ ਭੋਗ ਪਾਉਣ ਵੱਲ ਵੱਧ ਰਹੀ ਹੈ। ਜਦੋਂ ਕਿ ਚੋਣ ਵਾਅਦੇ ਪੂਰੇ ਕਰਨੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀ ਮੁਢਲੀ ਜੁੰਮੇਵਾਰੀ ਹੈ। ਜਿਸ ਤੋਂ ਸਰਕਾਰ ਭੱਜ ਰਹੀ ਹੈ ਅਤੇ ਇਸਤਰੀ ਦਿਵਸ ਮੌਕੇ ਰੁਜ਼ਗਾਰ ਮੰਗਣ ਵਾਲੀਆਂ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਵਾਂ 'ਤੇ ਲਾਠੀਆਂ ਵਰਾ ਕੇ ਗੈਰ ਸੰਜੀਦਾ ਹੋਣ ਦਾ ਸਬੂਤ ਦੇ ਰਹੀ ਹੈ।