ਜੀ ਐਸ ਪੰਨੂ
ਪਟਿਆਲਾ, 12 ਮਾਰਚ 2020 - ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲੈ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ। ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡੀਪੀਆਈ ਐਲੀਮੈਟਰੀ ਵੀ ਸ਼ਾਮਲ ਸਨ। ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਸੂਬਾ ਕਮੇਟੀ ਮੈਂਬਰ ਤਜਿੰਦਰ ਬਠਿੰਡਾ ਮੀਟਿੰਗ ਵਿੱਚ ਸ਼ਾਮਲ ਹੋਏ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਢਿੱਲਵਾਂ ਨੇ ਦੱਸਿਆ ਕਿ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਭਰੋਸਾ ਦਿਵਾਇਆ ਕਿ 16 ਮਾਰਚ ਤੱਕ ਉਨ੍ਹਾਂ ਦੇ ਮਸਲੇ ਨੂੰ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 16 ਮਾਰਚ ਨੂੰ ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਚਾਰ ਕਰਕੇ ਹੱਲ ਕਰ ਦਿੱਤਾ ਜਾਵੇਗਾ।
ਇਹ ਭਰੋਸਾ ਦਿਵਾਇਆ ਗਿਆ ਕਿ 16 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਬੰਧੀ ਐਲਾਨ ਕਰਨਗੇ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਪਟਿਆਲਾ ਵਿਖੇ ਪਿਛਲੀ ਦਿਨੀਂ ਸ਼ੁਰੂ ਕੀਤਾ ਗਿਆ ਪੱਕਾ ਧਰਨਾ ਚੁੱਕ ਲਿਆ ਹੈ ਅਤੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ 6 ਮਹੀਨਿਆਂ ਤੋਂ ਚੱਲਦਾ ਪੱਕਾ-ਧਰਨਾ ਲਗਾਤਾਰ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 11 ਮਾਰਚ ਨੂੰ ਪਟਿਆਲਾ ਵਿਖੇ ਵਾਈ ਪੀ ਐਸ ਚੌਂਕ ਤੇ ਨੇੜੇ ਮਹਿਲ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਨਹਿਰੂ ਪਾਰਕ ਵਿੱਚ ਪੱਕਾ-ਧਰਨਾ ਲਾ ਲਿਆ ਸੀ, ਜਿਸਦੇ ਚਲਦਿਆਂ 12 ਮਾਰਚ ਨੂੰ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।