ਜੀ ਐਸ ਪੰਨੂ
- ਡਿਪਟੀ ਕਮਿਸ਼ਨਰ ਵੱਲੋਂ ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ
- ਜਰੂਰੀ ਵਸਤਾਂ ਤੇ ਕਰਿਆਨੇ ਦੇ ਸਮਾਨ ਦੇ ਸਟਾਕ ਦਾ ਜਾਇਜ਼ਾ ਲਿਆ
- ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਸਮੂਹ ਵਪਾਰੀ-ਕੁਮਾਰ ਅਮਿਤ
ਪਟਿਆਲਾ, 21 ਮਾਰਚ 2020 - ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਦੇਰ ਸ਼ਾਮ ਪਟਿਆਲਾ ਦੀ ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਰੂਰੀ ਵਸਤਾਂ ਅਤੇ ਕਰਿਆਨੇ ਦੇ ਸਮਾਨ ਦੇ ਸਟਾਕ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਕੁਮਾਰ ਅਮਿਤ ਨੇ ਕਰਿਆਨੇ ਅਤੇ ਜਰੂਰੀ ਵਸਤਾਂ ਦੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ 'ਚ ਆਪਣਾ ਸਹਿਯੋਗ ਦੇਣ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਜਦੋਂਕਿ ਕਰਿਆਨਾ ਐਸੋਸੀਏਸ਼ਨ ਦੀ ਤਰਫ਼ੋਂ ਕੌਂਸਲਰ ਸ੍ਰੀ ਅਤੁਲ ਜੋਸ਼ੀ ਅਤੇ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਰਕੇਸ਼ ਗੁਪਤਾ ਅਤੇ ਹੋਰ ਨੁਮਾਇੰਦੇ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਅਸੈਂਸਲ ਕੋਮੋਡੀਟੀਜ ਐਕਟ 1955 ਪੂਰੇ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ, ਜਿਸ ਅਨੁਸਾਰ 5 ਖੁਰਾਕੀ ਵਸਤਾਂ, ਅਨਾਜ, ਦਾਲਾਂ, ਚਾਵਲ, ਆਟਾ, ਖਾਣ ਵਾਲੇ ਤੇਲ, ਚੀਨੀ, ਗੁੜ ਤੇ ਸਬਜ਼ੀਆਂ ਸਮੇਤ 2 ਤੇ 3 ਪਲਾਈ ਤੇ ਐਨ 95 ਮਾਸਕਾਂ, ਸੈਨੇਟਾਈਜਰਜ਼ ਨੂੰ ਜਰੂਰੀ ਵਸਤਾਂ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਜਿਹੇ ਨਾਜੁਕ ਸਮੇਂ ਦੌਰਾਨ ਜਰੂਰੀ ਵਸਤਾਂ ਅਤੇ ਕਰਿਆਨੇ ਦੇ ਸਮਾਨ ਦੀ ਪੂਰਤੀ ਬੰਦ ਨਹੀਂ ਕਰਨੀ ਚਾਹੀਦੀ ਅਤੇ ਨਾ ਹੀ ਕਾਲਾਬਾਜ਼ਾਰੀ ਅਤੇ ਜਮ੍ਹਾਂ ਖੋਰੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਰਿਆਨਾ ਐਸੋਸੀਏਸ਼ਨ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦੀ ਲੋਕਲ ਟਰਾਂਸਮਿਸ਼ਨ ਰੋਕਣ ਲਈ ਸਾਵਧਾਨੀ ਵਰਤਣੀ ਸਾਡੀ ਨੈਤਿਕ ਜਿੰਮੇਵਾਰੀ ਹੈ ਇਸ ਲਈ ਪੂਰੀ ਸਾਵਧਾਨੀ ਵਰਤੀ ਜਾਵੇ। ਮੀਟਿੰਗ 'ਚ ਸ੍ਰੀ ਅਤੁਲ ਜੋਸ਼ੀ ਅਤੇ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਰਕੇਸ਼ ਗੁਪਤਾ ਸਮੇਤ ਹੋਰ ਵਪਾਰੀਆਂ ਨੇ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।