(ਮਨਪ੍ਰੀਤ ਸਿੰਘ ਜੱਸੀ)
ਅੰਮ੍ਰਿਤਸਰ, 27 ਮਾਰਚ -ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਦੀ ਸਥਿਤੀ ਖ਼ਤਮ ਹੋਣ ਬਾਅਦ ਅਮਰੀਕਾ, ਇੰਗਲੈਂਡ ਅਤੇ ਦਿੱਲੀ ਸਮੇਤ ਵਿਦੇਸ਼ਾਂ 'ਚ ਰਹਿ ਰਹੇ ਅਫ਼ਗਾਨ ਸਿੱਖ ਆਗੂਆਂ ਨਾਲ ਮਸ਼ਵਰਾ ਕਰ ਕੇ ਅਫ਼ਗਾਨਿਸਤਾਨ 'ਚ ਵਸਦੇ ਸਿੱਖ ਪਰਿਵਾਰਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਵਸਾਉਣ ਦਾ ਯਤਨ ਕੀਤਾ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਫ਼ਗਾਨਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਵੀ ਕੋਈ ਠੋਸ ਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਵਿਦੇਸ਼ੀ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੁਖੀਆਂ ਰਾਹੀਂ ਸੰਯੁਕਤ ਰਾਸ਼ਟਰ ਤੱਕ ਵੀ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਮਾੜੇ ਅਨਸਰਾਂ ਵਲੋਂ ਕੀਤੇ ਮੌਜੂਦਾ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਲਾਸ਼ਾਂ ਨੇ ਸਿੱਖ ਹੀ ਨਹੀਂ ਸਗੋਂ ਮਾਨਵਤਾ ਪੱਖੀ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਤਾਲਾਬੰਦੀ ਖ਼ਤਮ ਹੋਣ ਬਾਅਦ ਭਾਰਤ ਅਤੇ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਵਿਚੋਂ ਅੰਤਰ-ਰਾਸ਼ਟਰੀ ਸਿੱਖ ਚਿੰਤਕਾਂ ਦਾ ਵਫਦ ਅਫ਼ਗਾਨਿਸਤਾਨ ਭੇਜਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ।