ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਅਤੇ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ।
ਫਤਹਿਗੜ੍ਹ ਸਾਹਿਬ, 01 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ, ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਾਲੇ ਤੱਕ ਕੋਰੋਨਾ ਵਾਇਰਸ ਤੋਂ ਪੀੜਤ ਇਕ ਵੀ ਕੇਸ ਸਾਹਮਣੇ ਨਹੀਂ ਆਇਆ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੱਲ੍ਹ ਤੱਕ 15 ਸ਼ੱਕੀ ਮਰੀਜ਼ ਸਾਹਮਣੇ ਆਏ ਸਨ, ਜਿਨ੍ਹਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵਿਦੇਸ਼ਾਂ ਤੋਂ ਆਏ ਸਾਰੇ 752 ਵਿਅਕਤੀਆਂ ਨੂੰ ਟਰੇਸ ਕਰ ਲਿਆ ਗਿਆ ਸੀ। ਇਨ੍ਹਾਂ ਵਿਚੋਂ 591 ਆਪਣਾ ਇਕਾਂਤਵਾਸ (ਕੁਆਰੰਟੀਨ) ਦਾ ਸਮਾਂ ਪੂਰਾ ਕਰ ਚੁੱਕੇ ਹਨ ਤੇ ਰਹਿੰਦੇ 161 ਵਿਅਕਤੀਆਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਕੋਵਿਡ-19 ਕੰਟਰੋਲ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਿਵਲ ਸਰਜਨ ਡਾ ਐਨ.ਕੇ. ਅਗਰਵਾਲ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਭਾਗ ਵੱਲੋਂ ਦਿੱਤੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਇਆ ਜਾਵੇ।ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਫੈਲਦੀ ਹੈ।ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ। ਖੰਘ,ਬੁਖਾਰ ਜਾਂ ਸਾਹ ਲੈਣ ਵਿੱਚ ਦਿੱਕਤ ਆਉਣ ਦੀ ਸੂਰਤ ਵਿੱਚ, ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਬਿਮਾਰੀ ਨਾਲ ਨਿਪਟਣ ਲਈ ਜਿਲ੍ਹੇ ਅੰਦਰ ਪੁਖਤਾ ਪ੍ਰਬੰਧ ਕੀਤੇ ਗਏ ਹਨ।ਜ਼ਿਲ੍ਹੇ ਅਧੀਨ ਪੈਂਦੇ ਹਸਪਤਾਲਾਂ ਵਿੱਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਦਾਖਲ ਕਰਨ ਲਈ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।ਉਹਨਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਬਜਾਏ ਵਿਭਾਗ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਉਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।