ਕਣਕ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ
ਜਗਦੀਸ਼ ਥਿੰਦ
ਫਾਜ਼ਿਲਕਾ 3 ਅਪ੍ਰੈਲ
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਨੇ ਫੌਜਦਾਰੀ ਢੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਜੂਨ 2020 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮੌਜੂਦਾ ਸਾਲ 2020 ਦੀ ਫਸਲ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਵੇਖਣ ਵਿੱਚ ਆਉਂਦਾ ਹੈ ਕਿ ਕਣਕ ਦੀ ਫਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ/ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਕਾਰਨ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਰਹਿੰਦ ਖੂੰਹਦ ਨੂੰ ਅੱਗ ਲੱਗਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ।
ਇਸ ਨਾਲ ਆਲੇ-ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਨੂੰ ਰੋਕਣ ਲੋਕ ਹਿੱਤ ਵਿੱਚ ਬਹੁਤ ਜ਼ਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਜਾਪਦੀ ਹੈ।
--------------
ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਚਾਰਾ ਪਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜਨਤਕ ਥਾਵਾਂ ’ਤੇ ਆਮ ਲੋਕਾਂ ਵੱਲੋਂ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਇਆ ਜਾਂਦਾ ਹੈ ਜਿਸ ਨਾਲ ਆਵਾਜਾਈ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਨਾਲ ਜਾਨ ਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ। ਇਸ ਕਰਕੇ ਉਨ੍ਹਾਂ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਨਾ ਪਾਉਣ ਦੇ ਹੁਕਮ ਜਾਰੀ ਕੀਤੇ ਹਨ।
---------------------
ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਅਤੇ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ।
---------------------
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ’ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜ ਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ।
ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜ ਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ’ਤੇ ਇਨ੍ਹਾਂ ਉੱਚੀਆਂ ਫ਼ਸਲਾਂ ’ਚ ਛੁਪ ਕੇ ਘੁਸਪੈਠ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਸੁਰੱਖਿਆ ਅਤੇ ਤੁਰੰਤ ਰੋਕਥਾਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਦਿੱਤੇ ਹਨ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਰਕਬੇ ’ਤੇ ਅਜਿਹੀਆਂ ਫ਼ਸਲਾਂ ਨਾ ਬੀਜੀਆਂ ਜਾਣ।