ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 26 ਮਈ 2020 - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਸਨ। ਸਿੱਖੀ ਸਰੂਪ ਵਿਚ ਦਸਤਾਰ ਦੇ ਗੌਰਵ ਨੂੰ ਉੱਚਾ ਚੁੱਕਣ ਵਾਲੀ ਮਹਾਨ ਸ਼ਖ਼ਸੀਅਤ ਸਨ।
ਉਨ੍ਹਾਂ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਿਆ ਅਤੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਦਾ ਮਾਣ ਵਧਾਇਆ। ਉਨ੍ਹਾਂ ਨੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਦੇਣ ਨੂੰ ਆਉਣ ਵਾਲੀਆ ਪੀੜੀਆਂ ਸਦਾ ਯਾਦ ਰੱਖਣਗੀਆਂ।
ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਭਾਈ ਵਰਿਆਮ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਵਰਿਆਮ ਸਿੰਘ ਜੀ ਉਹ ਮਹਾਨ ਹਸਤੀ ਸਨ। ਜਿਨ੍ਹਾਂ ਨੇ ਜ਼ਿੰਦਗੀ ਦਾ ਲੰਮਾ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿਚ ਬਤੀਤ ਕੀਤਾ। ਉਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ ਕੌਮ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।