ਜੀ ਐਸ ਪੰਨੂ
ਪਟਿਆਲਾ, 26 ਮਈ 2020 - ਗਰਮੀ ਤੋਂ ਬਚਣ ਅਤੇ ਲ਼ੂ ਲਗਣ ਦੇ ਲੱਛਣਾਂ ਬਾਰੇ ਐਡਵਾਈਜਰੀ ਜਾਰੀ ਕਰਦੇ ਸਿਵਲ ਸਰਜਨ ਮਲਹੋਤਰਾ ਨੇ ਦੱਸਿਆ ਕਿ ਗਰਮ ਲੂ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ, ਕੋਲਡ ਡਰਿੰਕ ਬਿਲਕੁਲ ਨਹੀ ਪੀਣੇ ਚਾਹੀਦੇ, ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਣਾ ਚਾਹੀਦਾ ਹੈ।
ਜ਼ੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰ ਕਿ ਕੁੱਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆਂ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਏ ਜਾਣ। ਉਹਨਾਂ ਦੱਸਿਆ ਕਿ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖ਼ਤਰਾ ਹੁੰਦਾ ਹੈ ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਜਿਆਦਾ ਧਿਆਨ ਰੱਖਣਾ ਚਾਹੀਦਾ ਹੈ।
ਡਾ.ਮਲਹੋਤਰਾ ਨੇ ਦੱਸਿਆਂ ਕਿ ਗਰਮੀਆਂ ਦੌਰਾਨ ਲੂ ਲਗਣ ਨਾਲ ਸ਼ਰੀਰ ਤੇ ਪਿੱਤ ,ਚੱਕਰ ਆਉਣੇ,ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ, ਸਿਰ ਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆ ਹਨ। ਉਹਨਾਂ ਕਿਹਾ ਕਿ ਕਈ ਵਾਰੀ ਗਰਮੀ ਲਗਣ ਨਾਲ ਮਾਸਪੇਸ਼ੀਆ ਵਿੱਚ ਵੀ ਕਮਜੋਰੀ ਆ ਜਾਂਦੀ ਹੈ ਜਿਸ ਨਾਲ ਵਿਅਕਤੀ ਥੋੜਾਂ ਜਿਹਾ ਕੰਮ ਕਰਨ ਤੇ ਵੀ ਬਹੁਤ ਜਿਆਦਾ ਥਕਾਨ ਮਹਿਸੂਸ ਕਰਦਾ ਹੈ। ਇਸ ਲਈ ਉਹਨਾਂ ਕਿਹਾ ਕਿ ਕੜਕਦੀ ਧੁੱਪ 'ਚ ਫਿਰਨ ਤੋਂ ਬਚਾਅ ਰੱਖਣਾ ਚਾਹੀਦਾ ਹੈ।