ਅਸ਼ੋਕ ਵਰਮਾ
ਬਠਿੰਡਾ, 30 ਮਈ 2020 - ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕਰੋਨਾ ਪੀੜਤ ਮਰੀਜ਼ਾਂ ਦੀ ਹਸਪਤਾਲਾਂ ’ਚੋਂ ਕਥਿਤ ਤੌਰ ਤੇ ਜਬਰੀ ਛੁੱਟੀ ਕਰ ਕੇ ਘਰ ਵਾਪਿਸ ਭੇਜਣ ਦੇ ਮੁੱਦੇ ’ਤੇ ਬਠਿੰਡਾ ਜ਼ਿਲ੍ਹੇ ਦੇ 28 ਪਿੰਡਾਂ ਵਿੱਚ ਅੱਜ ਤੀਜੇ ਅਤੇ ਆਖਰੀ ਦਿਨ ਵੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ ਅਤੇ ਸਰਕਰਾਂ ਖਿਲਾਫ ਨਾਅਰੇਬਾਜੀ ਕਰਕੇ ਆਪਣੀ ਭੜਾਸ ਕੱਢੀ।
ਸੰਘਰਸ਼ਕਾਰੀ ਕਿਸਾਨਾਂ ਮਜਦੂਰਾਂ ਦੀ ਅਗਵਾਈ ਕਰਨ ਵਾਲੇ ਬੀਕੇਯੂ (ਉਗਰਾਹਾਂ) ਦੇ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਸਵੀਰ ਸਿੰਘ ਬੁਰਜਸੇਮਾਂ, ਜਗਸੀਰ ਸਿੰਘ ਝੁੰਬਾ, ਧਰਮਪਾਲ ਸਿੰਘ ਬਹਾਦਰਗੜ ਜੰਡੀਆਂ, ਯੂਨੀਅਨ ਦੇ ਮਹਿਲਾ ਵਿੰਗ ਦੀ ਜਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ, ਹਰਜਿੰਦਰ ਸਿੰਘ ਬੱਗੀ, ਖੇਤ ਮਜਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨੁਸਰਾਲੀ, ਤੀਰਥ ਸਿੰਘ ਕੋਠਾ ਗੁਰੂ, ਰਾਜਵਿੰਦਰ ਸਿੰਘ ਰਾਜੂ, ਸੁਖਜੀਤ ਸਿੰਘ ਕੋਠਾ ਗੁਰੂ ,ਗੁਰਪਾਲ ਸਿੰਘ ਦਿਓਣ , ਅਜੇਪਾਲ ਸਿੰਘ ਘੁੱਦਾ, ਬਿੰਦਰ ਸਿੰਘ ਜੋਗੇਵਾਲਾ , ਰਾਜਵਿੰਦਰ ਸਿੰਘ ਰਾਮਨਗਰ, ਗੁਲਾਬ ਸਿੰਘ ਜਿਓਂਦ, ਅਵਤਾਰ ਸਿੰਘ ਪੂਹਲਾ, ਅਤੇ ਜਗਦੇਵ ਸਿੰਘ ਜੋਗੇਵਾਲਾ ਆਦਿ ਆਗੂਆਂ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਕਰੋਨਾ ਪਾਜ਼ੇਟਿਵ ਵਿਅਕਤੀਆਂ ਦਾ ਹਸਪਤਾਲਾਂ ਵਿੱਚ ਇਲਾਜ ਕਰਨ ਦੀ ਥਾਂ ਘਰੋ-ਘਰੀਂ ਭੇਜਣਾ ਸਰਕਾਰ ਦੇ ਸਿਹਤ ਸੇਵਾਵਾਂ ਦੇ ਫੇਲ੍ਹ ਹੋ ਜਾਣ ਦਾ ਪੁਖ਼ਤਾ ਪ੍ਰਮਾਣ ਹੈ।
ਉਨ੍ਹਾਂ ਆਖਿਆ ਕਿ ਦੋ ਮਹੀਨੇ ਕਰਫ਼ਿਊ ਤੇ ਤਾਲਾਬੰਦੀ ਰਾਹੀਂ ਲੋਕਾਂ ਨੂੰ ਘਰਾਂ ’ਚ ਤਾੜੀ ਰੱਖਣ ਵਾਲੀਆਂ ਸਰਕਾਰਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ’ਚ ਕਰੋੋਨਾ ਵਾਇਰਸ ਦਾ ਖਤਰਾ ਖਤਮ ਹੋ ਗਿਆ ਹੈ ਜਾਂ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਅਸਲ ’ਚ ਪੰਜਾਬ ਸਰਕਾਰ ਨੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਨੂੰ ਲੈ ਕੇ ਹੱਥ ਖੜੇ ਕਰ ਦਿੱਤੇ ਹਨ ਅਤੇ ਮਰੀਜ਼ਾਂ ਨੂੰ ਆਪੋ-ਆਪਣੇ ‘ਰਹਿਮੋ ਕਰਮ’ ਸਹਾਰੇ ਖੁੱਲ੍ਹਾ ਛੱਡ ਦਿੱਤਾ ਗਿਆ ਹੈ।
ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਆਮ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸੀ ਉਲਟਾ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਕੋਰੋਨਾ ਵਾਇਰਸ ਨੂੰ ਸਿਰਫ ਰਾਜਨੀਤੀ ਕਰਨ ਲਈ ਵਰਤਿਆ ਜਾ ਰਿਹਾ ਹੈ ਖਾਸ ਤੌਰ 'ਤੇ ਇਸ ਮਹਾਂਮਾਰੀ ਦੀ ਆੜ ਵਿੱਚ ਗਰੀਬ ਵਰਗਾਂ, ਕਿਸਾਨਾਂ, ਮਜ਼ਦੂਰਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ ਤੋਰਨ ਦੇ ਮੁੱਦੇ ਤੋਂ ਇਲਾਵਾ ਕੋਰੋਨਾ ਸੰਕਟ ਅਤੇ ਕਿਸਾਨੀ, ਮਜ਼ਦੂਰੀ ਨਾਲ ਸਬੰਧਿਤ ਹੋਰ ਮੁੱਦਿਆਂ ’ਤੇ 3, 4 ਅਤੇ 4 ਜੂਨ ਨੂੰ ਸਬ ਤਹਿਸੀਲ ਪੱਧਰੀ ਧਰਨੇ ਦਿੱਤੇ ਜਾਣਗੇ।