ਮਿੱਤਰ ਸੈਨ ਸ਼ਰਮਾ
ਮਾਨਸਾ, 2 ਜੂਨ 2020 - ਕੋਰੋਨਾ ਖਿਲਾਫ਼ ਜੰਗ ਨੂੰ ਸੂਬੇ ਭਰ ਵਿਚ ਜ਼ਮੀਨੀ ਪੱਧਰ 'ਤੇ ਲਿਜਾਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ 'ਮਿਸ਼ਨ ਫਤਿਹ' ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਸ ਮਹਾਂਮਾਰੀ ਬਾਰੇ ਲੋਕਾਂ ਵਿਚ ਵਿਆਪਕ ਪੱਧਰ ਉੱਤੇ ਜਾਗਰੂਕਤਾ ਫੈਲਾਈ ਜਾ ਸਕੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਰੋਨਾ ਦਾ ਕਹਿਰ ਹਾਲੇ ਜਾਰੀ ਹੈ ਅਤੇ ਮਿਸ਼ਨ ਫਤਿਹ ਦੇ ਤਹਿਤ ਕੋਰੋਨਾ ਖਿਲਾਫ਼ ਲੜਾਈ 'ਚ ਲੋਕਾਂ ਨੂੰ ਸ਼ਾਮਿਲ ਕਰਦਿਆਂ ਸਰਕਾਰ ਨਾਲ ਸਹਿਯੋਗ ਕਰਕੇ ਇਸ ਮਹਾਂਮਾਰੀ ਵਿਰੁੱਧ ਡਟਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਮੋਬਾਇਲ ਫੋਨ 'ਚ ਕੋਵਾ ਐਪ ਡਾਊਨਲੋਡ੍ਹ ਕਰਕੇ ਸੈਨਫ ਜਨਰੇਟਡ ਪਾਸ ਲੈਣਾ ਜਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿਚ ਹਰ ਵਿਭਾਗ ਦੀ ਅਹਿਮ ਸ਼ਮੂਹਲੀਅਤ ਹੋਵੇਗੀ ਤਾਂ ਜੋ ਕੋਰੋਨਾ ਖਿਲਾਫ ਛੇੜੀ ਜੰਗ ਨੂੰ ਮਿਸ਼ਨ ਫਤਿਹ ਤਹਿਤ ਜਿੱਤਿਆ ਜਾ ਸਕੇ। ਸ੍ਰੀ ਚਹਿਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਕੋਈ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਨਹੀਂ ਹੈ, ਜਿਸ ਲਈ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਅਹਿਮ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਨਤਕ ਥਾਵਾਂ 'ਤੇ ਮਾਸਕ ਨਾ ਪਹਿਨਣ ਅਤੇ ਥੁੱਕਣ 'ਤੇ 500, ਇਕਾਂਤਵਾਸ ਦੀ ਉਲੰਘਣਾ ਕਰਨ ਅਤੇ ਦੁਕਾਨਾਂ, ਵਪਾਰਕ ਥਾਵਾਂ ਦੇ ਮਾਲਕਾਂ ਵੱਲੋਂ ਸਮਾਜਿਕ ਦੂਰੀ ਦੀ ਉਲੰਘਣਾ ਕਰਨ 'ਤੇ 2 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਾਹਨਾਂ ਦੇ ਮਾਲਕਾਂ ਵੱਲੋਂ ਸਮਾਜਿਕ ਦੂਰੀ ਦੇ ਨਾਰਮਜ਼ ਦੀ ਉਲੰਘਣਾ ਕਰਨ 'ਤੇ ਬੱਸਾਂ ਲਈ 3 ਹਜ਼ਾਰ ਰੁਪਏ, ਕਾਰਾਂ ਲਈ 2 ਹਜ਼ਾਰ ਰੁਪਏ, ਆਟੋ ਰਿਕਸ਼ਾ ਅਤੇ ਦੋ ਪਹੀਆ ਵਾਹਨਾਂ ਲਈ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ।