ਪਰਵਿੰਦਰ ਸਿੰਘ ਕੰਧਾਰੀ
- ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕਰਵਾ ਸਕਦੇ ਹੋ ਟੈਸਟ: ਸਿਵਲ ਸਰਜਨ
ਫਰੀਦਕੋਟ, 4 ਜੂਨ 2020 - ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਹੁਣ ਤੱਕ 5188 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 322 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਅੱਜ ਤੱਕ ਪ੍ਰਾਪਤ ਨਤੀਜਿਆਂ ਵਿੱਚ 4713 ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਫਰੀਦਕੋਟ ਜ਼ਿਲੇ ਦੇ ਐਕਟਿਵ ਕੇਸ 4 ਹੋ ਗਏ ਹਨ ਜੋ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹਨ।
ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਹੋਰ ਦੱਸਿਆ ਕਿ ਵਿਭਾਗ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।
ਫਰੰਟ ਲਾਈਨ ਤੇ ਸੇਵਾਵਾ ਨਿਭਾ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ,ਸਿਹਤ ਵਿਭਾਗ ਦੇ ਸਟਾਫ ਮੈਂਬਰ,ਆਸ਼ਾ ਵਰਕਰ,ਗਰਭਵਤੀ ਔਰਤਾ ਅਤੇ ਹਾਲ ਹੀ ਵਿੱਚ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਲਈ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ ਅਤੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ।
ਇਸ ਮੌਕੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਸਾਰਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖ ਕੇ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।ਉਨਾਂ ਕੋਵਿਡ-19 ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੂੰ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਪ੍ਰਤੀ ਸੁਚੇਤ ਕਰਨ ਅਤੇ ਉਨਾਂ ਨੂੰ ਸੈਂਪਲ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਫਰੰਟ ਲਈਨ ਤੇ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨਿੰਗ ਕਰ ਖੰਘ, ਜ਼ੁਕਾਮ, ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲ੍ਹਾ ਦੇ ਫਲੂ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਹਾਂ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਾਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਅਨੀਤਾ ਚੌਹਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਕਰੀਬ 150 ਵਿਅਕਤੀਆਂ ਦੇ ਸੈਂਪਲ ਵਿਭਾਗ ਦੀ ਟੀਮ ਵੱਲੋਂ ਇਕੱਤਰ ਕੀਤੇ ਜਾ ਚੁੱਕੇ ਹਨ।