ਜਗਦੀਸ਼ ਥਿੰਦ
ਫਾਜ਼ਿਲਕਾ 4 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ “ਮਿਸ਼ਨ ਫਤਹਿ” ਦੀ ਸ਼ੁਰੂਆਤ ਕਰਨਾ ਸ਼ਲਾਘਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਆਂਵਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਨਾਲ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕੋਵਿਡ 19 ਦੀ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ’ਤੇ ਜਾਗਰੂਕਤਾ ਲਿਆਉਣ ਲਈ ਮਿਸ਼ਨ ਫਤਹਿ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ‘ਮਿਸ਼ਨ ਫਤਹਿ‘ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਉਨਾਂ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਜ਼ਿਲ੍ਹਾ ਪ੍ਰਸ਼ਾਸ਼ਨ, ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਗਈਆਂ ਹਨ ਜੋ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੇਕ ਜ਼ਿਲ੍ਹਾ ਪੱਧਰ ’ਤੇ ਲੋਕਾਂ ਨੂੰ ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਮਿਸ਼ਨ ਫਤਿਹ ਤਹਿਤ ਲਈ ਫਲੈਕਸ਼ ਬੋਰਡ ਲਗਵਾਏ ਗਏ ਹਨ, ਜੋ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ।
ਵਿਧਾਇਕ ਆਂਵਲਾ ਨੇ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋਕ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ।