ਜਗਦੀਸ਼ ਥਿੰਦ
ਫ਼ਾਜ਼ਿਲਕਾ 5 ਜੂਨ
ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਤੇ ਖੇਤੀਬਾੜੀ ਵਿਭਾਗ ਵਲੋਂ ਟਿੱਡੀ ਦਲ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਵਿਖੇ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫ਼ਸਰਾਂ ਵੱਲੋਂ ਜ਼ਿਲੇ੍ਹ ਦੇ ਪਿੰਡ ਮਾਹੂਆਣਾ ਬੋਦਲਾ, ਡੱਬਵਾਲਾ ਕਲਾਂ, ਇਸਲਾਮ ਵਾਲਾ ਅਤ ਜੋੜਕੀ ਅੰਧੇਵਾਲੀ ਵਿਖੇ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਟਿੱਡੀ ਦਲ ਦਾ ਹਾਲੇ ਤੱਕ ਭਾਵੇਂ ਕੋਈ ਖਤਰਾ ਨਹੀਂ, ਪਰ ਸਾਨੂੰ ਸੁਚੇਤ ਰਹਿਣ ਅਤੇ ਅਗਾਊ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸੰਭਾਵਿਤ ਟਿੱਡੀ ਦਲ ਦੇ ਹਮਲੇ ਨਾਲ ਨਿਪਟਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਮੌਕੇ ’ਤੇ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆ ਸਕੇ।
ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਵੀ ਨਿਰੀਖਣ ਕੀਤਾ ਜਾ ਰਿਹਾ ਹੈ ਤੇ ਹਰ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ। ਕੈਂਪਾਂ ਦੌਰਾਨ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਅੰਮਿ੍ਰਤ ਕਿਰਪਾਲ ਸਿੰਘ, ਰਾਜ ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਅਜੈ ਕੁਮਾਰ ਮੌਜੂਦ ਸਨ।