ਅਸ਼ੋਕ ਵਰਮਾ
ਬਠਿੰਡਾ, 5 ਜੂਨ 2020 - ਜ਼ਿਲ੍ਹਾ ਬਠਿੰਡਾ ਵਿਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਹੁਣ ਤੱਕ 97 ਫੀਸਦੀ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੰਦਿਆਂ ਦੱਸਿਆ ਕਿ ਬਾਕੀ ਤਿੰਨ ਫੀਸਦੀ ਵੰਡ ਦਾ ਕੰਮ ਵੀ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਤਿੰਨ ਮਹੀਨਿਆਂ ਲਈ ਪ੍ਰਤੀ ਵਿਅਕਤੀ 15 ਕਿਲੋ ਕਣਕ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ। ਇਹ ਰਾਸ਼ਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਬਿਲਕੁਲ ਮੁਫ਼ਤ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ: ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਅਨਾਜ ਵੰਡ ’ਚ ਮੁਕੰਮਲ ਤੌਰ ’ਤੇ ਪਾਰਦਰਸ਼ਤਾ ਬਣਾਈ ਰੱਖਣ ਲਈ ‘ਐਂਡ ਤੋਂ ਐਂਡ ਕੰਪਿਊਟ੍ਰਾਈਜ਼ੇਸ਼ਨ’ ਦੀ ਪਾਲਣਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਇਸ ਅਨਾਜ ਦਾ ਲਾਭ ਜ਼ਿਲੇ ਦੇ ਕਰੀਬ 1,86,696 ਆਟਾ-ਦਾਲ ਤੇ ਅੰਨਤੋਦਿਆ ਕਾਰਡ ਲਾਭਪਾਤਰੀ ਪਰਿਵਾਰਾਂ (ਲਗਪਗ 6,93,934 ਮੈਂਬਰਾਂ) ਨੂੰ ਦਿੱਤਾ ਜਾਣਾ ਹੈ ਅਤੇ ਅਗਲੇ ਹਫਤੇ ’ਚ ਅਨਾਜ ਦੀ ਵੰਡ 100 ਫ਼ੀਸਦੀ ’ਤੇ ਪੁੱਜ ਜਾਵੇਗੀ। ਇਸ ਅਨਾਜ ਵੰਡ ਤਹਿਤ ਗਰੀਬ ਪਰਿਵਾਰਾਂ ਨੂੰ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦੀ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਮੁਫਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਅਨਾਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਦੀਆਂ ਹਦਾਇਤਾਂ ਤਹਿਤ ਲਾਭਪਾਤਰੀਆਂ ਤੱਕ ਗੁਣਵੱਤਾ ਭਰਪੂਰ ਅਨਾਜ ਹੀ ਜਾ ਰਿਹਾ ਹੈ। ਇਸ ਵਿਚੋਂ 1,80,546 ਪਰਿਵਾਰਾਂ ਨੂੰ 5360 ਕੁਇੰਟਲ ਦਾਲ ਅਤੇ 672860 ਲਾਭਪਾਤਰੀਆਂ ਨੂੰ 100930 ਕੁਇੰਟਲ ਕਣਕ ਦੀ ਮੁਫ਼ਤ ਵੰਡ ਇਸ ਤੋਂ ਪਹਿਲਾਂ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਨੁਸਾਰ ਜ਼ਿਲ੍ਹੇ ’ਚ ਰਾਸ਼ਨ ਡਿੱਪੂਆਂ ਰਾਹੀਂ ਕੀਤੀ ਜਾ ਰਹੀ ਉਕਤ ਅਨਾਜ ਵੰਡ ਦੌਰਾਨ ਲੋਕਾਂ ਨੂੰ ਸਹੀ ਤੋਲ ਕੇ ਪੂਰੀ ਮਾਤਰਾ ’ਚ ਕਣਕ ਤੇ ਦਾਲ ਮੁਹੱਈਆ ਕਰਵਾਉਣ ’ਤੇ ਪੂਰਾ ਜ਼ੋਰ ਦਿੱਤਾ ਗਿਆ ਹੈ।