ਪਰਵਿੰਦਰ ਸਿੰਘ ਕੰਧਾਰੀ
- ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ
ਫ਼ਰੀਦਕੋਟ, 5 ਜੂਨ 2020 - ਸਵਰਨਦੀਪ ਸਿੰਘ ਵੱਲੋਂ ਅੱਜ ਬਤੌਰ ਫ਼ਰੀਦਕੋਟ ਦੇ ਐਸ.ਐਸ.ਪੀ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ।ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹਾ ਦੀ ਅਮਨ ਕਾਨੂੰਨ ਦੀ ਸਥਿਤੀ , ਕੋਵਿਡ-19 ਅਤੇ ਮਿਸ਼ਨ ਫਤਿਹ ਆਦਿ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।
ਇਸ ਮੌਕੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਐਸ.ਐਸ.ਪੀ ਗੁਰਦਾਸਪੁਰ ਤੋਂ ਬਦਲ ਕੇ ਫ਼ਰੀਦਕੋਟ ਦਾ ਐਸ.ਐਸ.ਪੀ ਲਗਾਇਆ ਗਿਆ ਹੈ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਿਵਲ ਪ੍ਰਸਾਸ਼ਨ ਅਤੇ ਆਮ ਲੋਕਾਂ ਤੋਂ ਸਹਿਯੋਗ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ “ਮਿਸ਼ਨ ਫ਼ਤਿਹ” ਤਹਿਤ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤਹਿਤ ਵੱਖ ਵੱਖ ਸਰਗਰਮੀਆਂ ਰਾਹੀਂ ਲੋਕਾਂ ਨੂੰ ਘਰ ਵਿਚ ਰਹਿਣ, ਮਾਸਕ ਪਹਿਣਨ, ਸਮੇਂ ਸਮੇਂ ਤੇ ਹੱਥ ਧੋਣ ਅਤੇ ਸਰਕਾਰ ਵੱਲੋਂ ਦੱਸੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀ ਪਵਿੱਤਰ ਧਰਤੀ ਤੇ ਲੋਕ ਸੇਵਾ ਕਰਨ ਦਾ ਮੌਕਾ ਮਿਲਿਆ ਹੈ । ਇਸ ਤੋਂ ਪਹਿਲਾਂ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸ਼ੁਭ ਇੱਛਾਵਾਂ ਪੇਸ਼ ਕੀਤੀਆਂ। ਇਸ ਮੌਕੇ ਐਸ.ਪੀ. ਸ. ਭੁਪਿੰਦਰ ਸਿੰਘ, ਐਸ.ਪੀ. ਸ.ਸੇਵਾ ਸਿੰਘ ਮੱਲੀ, ਐਸ.ਪੀ ਮੈਡਮ ਗੁਰਮੀਤ ਕੌਰ, ਡੀ.ਐਸ.ਪੀ ਜੈਤੋ ਡਾ. ਮਹਿਤਾਬ ਸਿੰਘ ਆਈ.ਪੀ.ਐਸ, ਡੀ.ਐਸ.ਪੀ ਬਲਕਾਰ ਸਿੰਘ ਕੋਟਕਪੂਰਾ, ਡੀ.ਐਸ.ਪੀ. ਜਸਬੀਰ ਸਿੰਘ, ਡੀ.ਐਸ.ਪੀ ਗੁਰਪ੍ਰੀਤ ਸਿੰਘ ਫ਼ਰੀਦਕੋਟ ਆਦਿ ਹਾਜ਼ਰ ਸਨ।