ਮਿਸ਼ਨ ਫ਼ਤਿਹ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 05 ਜੂਨ : ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਹਰਾਉਣ ਲਈ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ: ਪੰਜਾਬ ਫਾਈਟਸ ਕੋਰੋਨਾ' ਤਹਿਤ ਜਿੱਥੇ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਉਥੇ ਇਸ ਮਿਸ਼ਨ ਦੀ ਕਾਮਯਾਬੀ ਲਈ ਲੋਕਾਂ ਵੱਲੋਂ ਵਧੇਰੇ ਸੁਚੇਤ ਰਹਿੰਦਿਆਂ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ। ਇਸੇ ਤਹਿਤ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜਦੋਂ ਵੀ ਕੋਈ ਵਿਅਕਤੀ ਕਿਸੇ ਬਾਹਰਲੇ ਸੂਬੇ ਵਿੱਚੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਆਵੇ ਤਾਂ ਉਸ ਸਬੰਧੀ ਜਾਣਕਾਰੀ ਫੌਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਕੋਵਿਡ ਕੰਟਰੋਲ ਰੂਮ ਦੇ ਨੰਬਰ 01763-232136, ਐਸ.ਐਮ.ਓ. ਡਾ. ਕੁਲਦੀਪ ਸਿੰਘ ਦੇ ਮੋ. ਨੰਬਰ: 98158-02655 ਅਤੇ ਜ਼ਿਲ੍ਹਾ ਸੂਚਨਾ ਅਫ਼ਸਰ ਐਸ.ਕੇ. ਬਾਂਗਾ ਦੇ ਮੋ. ਨੰਬਰ: 73472-02635 ’ਤੇ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਇਕਾਂਤਵਾਸ ਸਮੇਤ ਕੋਰੋਨਾ ਤੋਂ ਬਚਾਅ ਲਈ ਤੈਅ ਪ੍ਰਕਿਰਿਆ ਪੂਰੀ ਕਰਨੀ ਲਾਜ਼ਮੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਤੇ ਕੋਰੋਨਾ ਦੇ ਹੋਰ ਨਵੇਂ ਕੇਸ ਨਾ ਆਉਣ।
ਸ੍ਰੀਮਤੀ ਗਿੱਲ ਨੇ ਕਿਹਾ ਕਿ ਇਸ ਸਬੰਧੀ ਲੋਕਾਂ ਦਾ ਸਹਿਯੋਗ ਅਹਿਮ ਹੈ ਅਤੇ ਲੋਕ ਬਾਹਰੋਂ ਆਉਣ ਵਾਲੇ ਵਿਅਕਤੀਆਂ ਬਾਰੇ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇ ਕੇ ਕੋਰੋਨਾ ਖਿਲਾਫ ਜੰਗ ਵਿੱਚ ਯੋਗਦਾਨ ਪਾਉਂਦਿਆਂ ਮਿਸ਼ਨ ਫ਼ਤਿਹ ਵਿੱਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਜਾਣ ਵੇਲੇ ਮਾਸਕ ਪਾਉਣ, ਸਮਾਜਕ ਵਿੱਥ ਕਾਇਮ ਰੱਖਣ ਅਤੇ ਵਾਰ ਵਾਰ ਹੱਥ ਧੋਣ ਸਬੰਧੀ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।