- ਜ਼ਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਸੰਖਿਆ ਹੋਈ 81
- 4 ਕੋਰੋਨਾ ਪਾਜ਼ੀਟਿਵ ਲੋਕਾਂ ਦੀ ਹੋ ਚੁੱਕੀ ਹੈ ਮੌਤ
ਪਠਾਨਕੋਟ, 5 ਜੂਨ 2020 - ਜ਼ਿਲ੍ਹਾ ਪਠਾਨਕੋਟ ਵਿੱਚ ਸ਼ੁੱਕਰਵਾਰ ਨੂੰ ਇੱਕ ਹੋਰ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਜਿਕਰਯੋਗ ਹੈ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ਵਿੱਚ ਕੋਰੋਨਾ ਪਾਜ਼ੀਟਿਵ ਨਾਲ ਹੋਈ ਇਹ ਚੌਥੀ ਮੌਤ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ਵਿੱਚ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ ਜਦ ਕਿ 4 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਮੌਤ ਹੋ ਚੁੱਕੀ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਜਿਸ 48 ਸਾਲ ਦੇ ਵਿਅਕਤੀ ਦੀ ਅੱਜ ਮੌਤ ਹੋਈ ਹੈ ਉਸ ਵਿਅਕਤੀ ਨੂੰ ਪਿਛਲੇ ਕਰੀਬ 7-8 ਦਿਨਾਂ ਤੋਂ ਬੁਖਾਰ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਇੱਕ-ਦੋ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਸ ਵਿਅਕਤੀ ਨੂੰ ਦਿਖਾਇਆ ਸੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਵਿਅਕਤੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਅੱਜ ਇਲਾਜ ਦੌਰਾਨ ਸਵੇਰੇ ਹੀ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਸ਼ੁੱਕਰਵਾਰ ਸਾਮ ਨੂੰ ਉਸ ਵਿਅਕਤੀ ਦੀ ਮੈਡੀਕਲ ਰਿਪੋਰਟ ਆਈ ਜੋ ਕੋਰੋਨਾ ਪਾਜ਼ੀਟਿਵ ਸੀ।
ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਸ ਵਿਅਕਤੀ ਦੇ ਸੰਪਰਕ ਵਿੱਚ ਆਉਂਣ ਵਾਲੇ ਲੋਕਾਂ ਦੀ ਤਲਾਸ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 81 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 43 ਲੋਕ ਕੋਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ। 35 ਲੋਕ ਇਸ ਸਮੇਂ ਜ਼ਿਲ੍ਹਾ ਪਠਾਨਕੋਟ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ ਹਨ। ਜ਼ਿਨ੍ਹਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਦੋਂ ਕੋਰੋਨਾ ਦੇ ਲੱਛਣ ਦਿਖਣ ਲਗਦੇ ਹਨ ਤਾਂ ਪਰਿਵਾਰ ਇਸ ਗੱਲ ਨੂੰ ਐਨੀ ਗੰਭੀਰਤਾ ਵਿੱਚ ਨਹੀਂ ਲੈਂਦਾ ਅਤੇ ਜਦ ਤੱਕ ਬੀਮਾਰੀ ਦਾ ਪਤਾ ਚੱਲਦਾ ਹੈ ਉਸ ਸਮੇਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਅਗਰ ਕਿਸੇ ਤਰ੍ਹਾਂ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕੋਰੋਨਾ ਪਾਜ਼ੀਟਿਵ ਨੂੰ ਪਹਿਲੇ ਚਰਨ ਵਿੱਚ ਹੀ ਕੰਟਰੋਲ ਕਰ ਲਿਆ ਜਾਵੇ।