ਦਿਨੇਸ਼
ਗੁਰਦਾਸਪੁਰ, 4 ਜੂਨ 2020- ਰਜਿੰਦਰ ਸਿੰਘ ਸੋਹਲ ਪੀ.ਪੀ.ਐੱਸ, ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਐੱਸ.ਐੱਸ.ਪੀ ਗੁਰਦਾਸਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਰਜਿੰਦਰ ਸਿੰਘ ਸੋਹਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨ੍ਹਾਂ ਤੋਂ ਪਹਿਲਾਂ ਸਵਰਨਦੀਪ ਸਿੰਘ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਗੁਰਦਾਸਪੁਰ ਤੋਂ ਬਦਲ ਕੇ ਐੱਸ.ਐੱਸ.ਪੀ ਫ਼ਰੀਦਕੋਟ ਵਜੋਂ ਤਾਇਨਾਤ ਕੀਤੇ ਜਾ ਚੁੱਕੇ ਹਨ।
ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਸੋਹਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ। ਜਿਸ ਲਈ ਲੋਕ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਲਾਜ਼ਮੀ ਕੀਤਾ ਗਿਆ ਹੈ। ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜ਼ਰੂਰੀ ਪਾਇਆ ਜਾਵੇ ਅਤੇ ਉਚਿੱਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਥਾਂ 'ਤੇ ਥੁੱਕਣ ਦੀ ਵੀ ਮਨਾਹੀ ਹੈ।
ਐੱਸ.ਐੱਸ.ਪੀ ਸੋਹਲ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫ਼ਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।
ਅਹੁਦਾ ਸੰਭਾਲਣ ਉਪਰੰਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐੱਸ.ਐੱਸ.ਪੀ ਗੁਰਦਾਸਪੁਰ ਨੇ ਅਧਿਕਾਰੀਆਂ ਨੂੰ ਕੋਰੋਨ ਵਾਇਰਸ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਕਿ ਉਹ ਇਕ ਟੀਮ ਵਜੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ।