ਹਰਿੰਦਰ ਨਿੱਕਾ
ਸੰਗਰੂਰ, 6 ਜੂਨ 2020 - ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਣ ਕਾਰਨ ਦੂਜੇ ਸੂਬਿਆਂ ਦੇ ਵਿਅਕਤੀ ਪੰਜਾਬ ਵਿਚ ਫ਼ਸੇ ਹੋਏ ਹਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ 'ਮਿਸ਼ਨ ਫ਼ਤਿਹ' ਤਹਿਤ ਹੁਣ ਇਨ੍ਹਾਂ ਨੂੰ ਆਪਣੇ-ਆਪਣੇ ਘਰ ਵਾਪਸ ਭੇਜਿਆ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਨਾਲ ਸਬੰਧਤ ਸੰਗਰੂਰ ਜ਼ਿਲ੍ਹੇ ਵਿਚ ਰਹਿ ਰਹੇ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਵਾਨਾ ਹੋਈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਲੁਧਿਆਣਾ ਵਿਖੇ ਪਹੁੰਚਾਉਣ ਲਈ ਜ਼ਿਲ੍ਹਾ ਸੰਗਰੂਰ ਵਿੱਚੋਂ ਵੱਖ ਵੱਖ ਸਬ ਡਵੀਜ਼ਨਾਂ ਤੋਂ ਬੱਸਾਂ ਨੋਡਲ ਅਫਸਰਾਂ ਦੀ ਅਗਵਾਈ ਹੇਠ ਰਵਾਨਾ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਵਾਸੀਆਂ ਨੂੰ ਰਵਾਨਾ ਕੀਤਾ ਗਿਆ ਹੈ। ਸਮੂਹ ਵਿਅਕਤੀਆਂ ਨੁੰ ਮੈਡੀਕਲ ਸਕ੍ਰੀਨਿੰਗ ਉਪਰੰਤ ਸਰਟੀਫਿਕੇਟ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਕੰਮ ਲਈ ਜ਼ਿਲ੍ਹਾ ਪੱਧਰ 'ਤੇ ਡਿਪਟੀ ਡਾਇਰੈਕਟਰ ਫ਼ੈਕਟਰੀਜ਼ ਸੰਗਰੂਰ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ ਜਿਨ੍ਹਾਂ ਵੱਲੋਂ ਵੱਖ ਵੱਖ ਸਬ ਡਵੀਜ਼ਨਾਂ ਤੇ ਲਗਾਏ ਗਏ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਇਸ ਸਾਰੀ ਕਾਰਵਾਈ ਨੂੰ ਪੂਰਾ ਕੀਤਾ ਗਿਆ।
ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਭਰ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਤੋਂ 627 ਵਿਅਕਤੀ ਬੱਸਾਂ ਰਾਹੀਂ ਲੁਧਿਆਣਾ ਰੇਲਵੇ ਸਟੇਸ਼ਨ ਲਈ ਰਵਾਨਾ ਕੀਤੇ ਗਏ ਜਿਥੋਂ 4 ਰੇਲਾਂ ਰਾਹੀਂ ਇਹ ਵਿਅਕਤੀ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਲਿਜਾਣ ਸਮੇਂ ਉਚਿਤ ਸਮਾਜਿਕ ਦੂਰੀ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।