ਐਸ.ਪੀ. (ਜਾਂਚ) ਹਰਪਾਲ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਵਿਸ਼ੇਸ਼ ਨਾਕੇ ਲਾ ਕੇ ਚੈਕਿੰਗ ਕਰਦੀ ਹੋਈ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 6 ਜੂਨ : 6 ਜੂਨ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹਾ ਪੁਲੀਸ ਵੱਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਗਿਆ ਤੇ ਵਿਸ਼ੇਸ਼ ਨਾਕੇ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਨਾਲ ਹੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਵਿਸ਼ੇਸ਼ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਸ.ਪੀ. (ਜਾਂਚ) ਹਰਪਾਲ ਸਿੰਘ, ਐਸ.ਪੀ. ਸਪੈਸ਼ਲ ਬਰਾਂਚ ਅਮਰਜੀਤ ਸਿੰਘ ਮਟਵਾਨੀ , ਐਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਅਤੇ ਐਸ.ਪੀ. (ਐਚ.) ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਾਜ਼ਾਰਾਂ ਸਮੇਤ ਵੱਖ-ਵੱਖ ਥਾਈਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਸ੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ ਤੇ ਅਜਿਹਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਸੀ.ਸੀ.ਟੀ.ਵੀ. ਕੈਮਰੇ ਲਾ ਕੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ 06 ਜੂਨ ਦੇ ਮੱਦੇਨਜ਼ਰ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਉਚੇਚੇ ਤੌਰ ਉੱਤੇ ਨਜ਼ਰ ਰੱਖੀ ਗਈ ।