ਮਨਿੰਦਰਜੀਤ ਸਿੱਧੂ
- ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਵਿਸ਼ੇਸ਼ ਉਪਰਾਲੇ ਕਰ ਰਹੀ ਹੈ : ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ
- ਨਸ਼ਿਆਂ ਦੀ ਰੋਕਥਾਮ ਲਈ ਜਨਤਾ ਤੇ ਸਮਾਜ ਸੇਵੀ ਸੰਸਥਾਵਾਂ ਸਹਿਯੋਗ ਦੇਣ : ਐੱਸ.ਐੱਚ.ਓ. ਦਲਜੀਤ ਸਿੰਘ
ਜੈਤੋ , 26 ਜੂਨ 2020 - ਨਸ਼ਿਆਂ ਦੇ ਕਾਰਨ ਸਮਾਜ ’ਚ ਹੋ ਰਹੀ ਬਰਬਾਦੀ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਜੈਤੋ ਪੁਲਿਸ ਵੱਲੋਂ ਜ਼ਿਲਾ ਪੁਲਿਸ ਮੁਖੀ ਫ਼ਰੀਦਕੋਟ ਸਰਵਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਬ-ਡਵੀਜ਼ਨ ਜੈਤੋ ਦੇ ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ’ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ ਗਈ। ਸਥਾਨਕ ਰਾਮ ਲੀਲਾ ਗਰਾਊਂਡ ਵਿਖੇ ਇਸ ਰੈਲੀ ਨੂੰ ਸਬ-ਡਵੀਜ਼ਨ ਜੈਤੋ ਦੇ ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ ਅਤੇ ਐੱਸ.ਅੱੈਚ.ਓ. ਜੈਤੋ ਇੰਸਪੈਕਟਰ ਦਲਜੀਤ ਸਿੰਘ ਨੇ ਸਾਂਝੇ ਤੌਰ ’ਤੇ ਰਵਾਨਾ ਕੀਤਾ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ. ਪਰਮਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗਲਤਾਨ ਹੋ ਰਹੀ ਹੈ, ਨਸ਼ਈ ਵਿਅਕਤੀ ਨਸ਼ਿਆਂ ਦੀ ਪੂਰਤੀ ਲਈ ਅਣਚਾਹੇ ਅਪਰਾਧ ਕਰਦਾ ਹੈ ਅਤੇ ਨਸ਼ੇ ਕਰਨ ਵਾਲਾ ਵਿਅਕਤੀ ਸਮਾਜ ਨੂੰ ਆਪਣਾ ਯੋਗਦਾਨ ਦੇਣ ਦੀ ਬਜਾਏ ਇਸ ’ਤੇ ਬੋਝ ਬਣ ਜਾਂਦਾ ਹੈ। ਉਨਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਪਰ ਇਨਾਂ ਦੇ ਮੁਕੰਮਲ ਖ਼ਾਤਮੇ ਲਈ ਪੰਜਾਬ ਦੀ ਜਨਤਾ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਛੇਵੇਂ ਦਰਿਆ ਵਿਚ ਰੁੜਦੀ ਜਾ ਰਹੀ ਹੈ ਅਤੇ ਨੌਜਵਾਨ ਹੀ ਦੇਸ਼ ਦਾ ਭਵਿੱਖ ਹੁੰਦੇ ਹਨ ਇਸ ਲਈ ਸਮਾਜ ਦੇ ਪਤਵੰਤੇ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਚਾਹੀਦਾ ਹੈ ਕਿ ਉਹ ਅਜਿਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ ਅਤੇ ਇਸ ਲਈ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਕੈਂਪ ਵੀ ਲਾਏ ਜਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਵਿਚ ਬਰਬਾਦ ਹੋ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਹ ਪੁਲਿਸ ਨੂੰ ਪੂਰਾ ਸਹਿਯੋਗ ਦੇਣ, ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਕੰਮ ਸੰਭਵ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਨਸ਼ੇ ਦੀ ਦਲਦਲ ਵਿਚ ਫਸ ਗਿਆ ਹੈ ਅਤੇ ਉਹ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਉਸਨੂੰ ਨਸ਼ਾ ਛੁਡਾਓ ਕੇਂਦਰ ਵਿਚ ਮੁਫ਼ਤ ਇਲਾਜ ਕਰਵਾ ਕੇ ਉਸਦੇ ਨਸ਼ੇ ਦੀ ਆਦਤ ਨੂੰ ਛੁਡਵਾਉਣ ਵਿਚ ਸਹਿਯੋਗ ਕਰੇਗੀ। ਜੇਕਰ ਕੋਈ ਵਿਅਕਤੀ ਨਸ਼ੇ ਕਰਨ ਦਾ ਆਦੀ ਹੈ ਅਤੇ ਉਹ ਆਪਣੇ ਨਸ਼ਿਆਂ ਦੀ ਪੂਰਤੀ ਲਈ ਬਾਹਰੋਂ ਲਿਆ ਕੇ ਕੁੱਝ ਨਸ਼ੇ ਵੇਚਦਾ ਹੈ ਅਤੇ ਕੁੱਝ ਆਪ ਵਰਤ ਲੈਂਦਾ ਹੈ ਤਾਂ ਵੀ ਉਸਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੀਡੀਆ ਦਾ ਵੀ ਸਮਾਜਿਕ ਬੁਰਾਈਆਂ ਰੋਕਣ ਵਿਚ ਵਿਸ਼ੇਸ਼ ਯੋਗਦਾਨ ਹੁੰਦਾ ਹੈ ਅਤੇ ਮੀਡੀਆ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਵਿਸ਼ੇਸ਼ ਰਿਪੋਰਟਾਂ ਨਾਲ ਪਾਠਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰੇ। ਇਸ ਮੌਕੇ ਐੱਸ.ਐੱਚ.ਓ. ਬਾਜਾਖਾਨਾ ਇਕਬਾਲ ਹੂਸੈਨ ਨੇ ਗੁਰੂ ਨਾਨਕ ਸੇਵਾ ਸੋਸਾਇਟੀ ਰੋੜੀਕਪੂਰਾ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਰੋੜੀਕਪੂਰਾ ਦਾ ਆਪਣੀ ਟੀਮ ਸਮੇਤ ਇਸ ਮੁਹਿੰਮ ਵਿੱਚ ਸਾਥ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਐੱਸ.ਐੱਚ.ਓ. ਬਾਜਾਖਾਨਾ ਇਕਬਾਲ ਹੂਸੈਨ, ਮੁੱਖ ਮੁਨਸ਼ੀ ਅਕਾਲਪ੍ਰੀਤ ਸਿੰਘ, ਏ.ਐੱਸ.ਆਈ. ਨੱਛਤਰ ਸਿੰਘ, ਏ.ਐੱਸ.ਆਈ. ਸੋਮ ਪ੍ਰਕਾਸ਼ ਸ਼ਰਮਾ ਆਦਿ ਹਾਜ਼ਰ ਸਨ।