ਹਰੀਸ਼ ਕਾਲੜਾ
- 6 ਜੁਲਾਈ ਤੋਂ ਸ਼ੁਰੂ ਹੋਣਗੇ ਮੁਕਾਬਲੇ
ਸ੍ਰੀ ਅਨੰਦਪੁਰ ਸਾਹਿਬ, 02 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਇੱਕ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਹੈ ਕਿ ਇਹ ਆਨਲਾਈਨ ਮੁਕਾਬਲੇ 6 ਜੁਲਾਈ ਤੋਂ ਆਰੰਭ ਹੋਣਗੇ ਅਤੇ ਦਸੰਬਰ ਮਹੀਨੇ ਤੱਕ ਚੱਲਣਗੇ। ਕੋਵਿਡ-19 ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਮੁਕਾਬਲੇ ਆਨਲਾਈਨ ਅਤੇ ਸੋਲੋ ਆਈਟਮਜ਼ ਦੇ ਰੂਪ 'ਚ ਕਰਵਾਏ ਜਾ ਰਹੇ ਹਨ।
ਐਸ.ਸੀ.ਈ.ਆਰ.ਟੀ. ਦੀ ਦੇਖ-ਰੇਖ 'ਚ ਕਰਵਾਏ ਜਾਣ ਵਾਲੇ ਇੰਨ੍ਹਾਂ ਮੁਕਾਬਲਿਆਂ ਦਾ ਵਿਸ਼ਾ-ਵਸਤੂ ਸ੍ਰੀ ਗੁਰੁ ਤੇਗ ਬਹਾਦਰ ਜੀ ਦਾ ਜੀਵਨ, ਬਾਣੀ, ਫਲਸਫਾ, ਉਪਦੇਸ਼, ਕੁਰਬਾਨੀ ਤੇ ਉਸਤਤ ਹੋਵੇਗਾ। ਗੁਰ ਮਰਿਆਦਾ ਨੂੰ ਧਿਆਨ 'ਚ ਰੱਖ ਕੇ ਕਰਵਾਏ ਜਾਣ ਵਾਲੀ ਇਸ ਪ੍ਰਤੀਯੋਗਤਾ 'ਚ ਸ਼ਬਦ ਗਾਇਨ, ਕਵਿਤਾ, ਭਾਸ਼ਨ, ਸੁੰਦਰ ਲਿਖਾਈ, ਗੀਤ, ਸੰਗੀਤਕ ਸਾਜ਼ ਵਜਾਉਣ, ਪੇਂਟਿੰਗ, ਪੋਸਟਰ ਮੇਕਿੰਗ, ਸਲੋਗਨ ਲਿਖਣੇ, ਪੀ.ਪੀ.ਟੀ. ਮੇਕਿੰਗ ਤੇ ਦਸਤਾਰਬੰਦੀ ਮੁਕਾਬਲੇ ਸ਼ਾਮਲ ਹਨ। ਇਹ ਮੁਕਾਬਲੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਪੱਧਰ 'ਤੇ ਕਰਵਾਏ ਜਾਣਗੇ ਅਤੇ ਨਾਲ ਹੀ ਇੰਨ੍ਹਾਂ ਤਿੰਨਾਂ ਵਰਗਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵੱਖਰੇ ਮੁਕਾਬਲੇ ਵੀ ਕਰਵਾਏ ਜਾਣਗੇ।
ਬੁਲਾਰੇ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਹੈ ਕਿ ਇੰਨ੍ਹਾਂ 11 ਮੁਕਾਬਲਿਆਂ ਲਈ ਵਿਭਾਗ ਨੇ ਮਾਹਿਰਾਂ ਦੀ ਮੱਦਦ ਨਾਲ ਪੂਰੀ ਰੂਪ-ਰੇਖਾ ਉਲੀਕ ਦਿੱਤੀ ਹੈ ਅਤੇ ਰਾਜ ਦੇ ਸਾਰੇ ਸਰਕਾਰੀ ਸਕੂਲਾਂ 'ਚ ਭੇਜ ਦਿੱਤੀ ਗਈ ਹੈ। ਇਹ ਮੁਕਾਬਲੇ ਸਕੂਲ ਪੱਧਰ ਤੋਂ ਸ਼ੁਰੂ ਹੋਣਗੇ ਅਤੇ ਰਾਜ ਪੱਧਰ ਤੱਕ ਚੱਲਣਗੇ। ਇਨ੍ਹਾਂ ਮੁਕਾਬਲਿਆਂ 'ਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਪਦੇਸ਼, ਫਲਸਫੇ ਤੇ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਪੂਰਾ ਗਿਆਨ ਹਾਸਿਲ ਹੋ ਸਕੇ।
ਇਸ ਦੇ ਨਾਲ ਹੀ ਵਿਭਾਗ ਵੱਲੋਂ ਮੀਡੀਆ ਤੇ ਸ਼ੋਸ਼ਲ ਮੀਡੀਆ ਰਾਹੀਂ ਇਨ੍ਹਾਂ ਮੁਕਾਬਲਿਆਂ ਬਾਰੇ ਪੂਰਾ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਗੁਰੁ ਸਾਹਿਬ ਬਾਰੇ ਜਨ-ਜਨ ਜਾਣੂ ਹੋ ਸਕੇ। ਇੰਨ੍ਹਾ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇਣ ਦੇ ਨਾਲ-ਨਾਲ ਬਿਹਤਰੀਨ ਕਾਰਗੁਜ਼ਾਰੀ ਵਾਲੇ ਜਿਲ੍ਹਾ ਸਿੱਖਿਆ ਅਫਸਰਾਂ, ਸਕੂਲ ਮੁਖੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਬੱਚਿਆਂ ਨੂੰ ਅਗਵਾਈ ਦੇਣ ਵਾਲੇ ਅਧਿਆਪਕਾਂ ਦਾ ਵਿਭਾਗ ਵੱਲੋਂ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਲਈ ਨਿਰਦੇਸ਼ਕ ਐਸ.ਸੀ.ਈ.ਆਰ.ਟੀ. ਜਗਤਾਰ ਸਿੰਘ ਕੂਲੜੀਆ ਤੇ ਸਹਾਇਕ ਨਿਰਦੇਸ਼ਕਾ ਸ਼ਿਵਾਨੀ ਸੇਤੀਆ ਕਰਨਗੇ।