ਲੋਕੇਸ਼ ਰਿਸ਼ੀ
ਗੁਰਦਾਸਪੁਰ, 02 ਜੁਲਾਈ 2020 - ਬਟਾਲਾ ਪੁਲਿਸ ਵੱਲੋਂ ਮਿਸ਼ਨ ਫ਼ਤਿਹ ਨੂੰ ਤਹਿਤ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। ਪੁਲਿਸ ਜ਼ਿਲ੍ਹਾ ਬਟਾਲਾ ਦੀ ਪੁਲਿਸ ਨੇ ਹੁਣ ਤੱਕ ਲੋੜੀਂਦੀ ਸਖ਼ਤੀ ਵਰਤਦਿਆਂ 7109 ਵਿਅਕਤੀਆਂ ਦੇ ਚਲਾਨ ਕਰਕੇ ਉਨ੍ਹਾਂ ਕੋਲੋਂ 26,54,300 ਰੁਪਏ ਜੁਰਮਾਨਾ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖ਼ਤਰਨਾਕ ਬਿਮਾਰੀ ਹੈ ਅਤੇ ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਲੋਕਾਂ ਵਿੱਚ ਕੋਰੋਨਾ ਵਾਇਰਸ ਪ੍ਰਤੀ ਲਗਾਤਾਰ ਜਾਗਰੂਕਤਾ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹਦੇ ਬਾਵਜੂਦ ਵੀ ਕੁਝ ਲੋਕ ਜੋ ਜਾਣਬੁੱਝ ਕੇ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਚਲਾਨ ਕੱਟੇ ਜਾ ਰਹੇ ਹਨ।
ਐੱਸ.ਐੱਸ.ਪੀ. ਨੇ ਦੱਸਿਆ ਕਿ ਬਟਾਲਾ ਪੁਲਿਸ ਨੇ 6515 ਵਿਅਕਤੀਆਂ ਦੇ ਚਲਾਨ ਮਾਸਕ ਨਾ ਲਗਾਉਣ ਕਰਕੇ ਕੀਤੇ ਹਨ। ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਥੁੱਕਣ ਵਾਲੇ 568 ਵਿਅਕਤੀਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 26 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਵਿਅਕਤੀਆਂ ਕੋਲੋਂ 26,54,300 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।
ਘੁੰਮਣ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਲਗਾਉਣ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਨਤਕ ਥਾਂਵਾਂ ਉੱਪਰ ਥੁੱਕਿਆ ਨਾ ਜਾਵੇ ਅਤੇ ਵਾਰ-ਵਾਰ ਸਾਬਣ ਨਾਲ ਆਪਣੇ ਹੱਥਾਂ ਨੂੰ ਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਖ਼ੁਦ ਜਾਗਰੂਕ ਹੋਣ ਦੇ ਨਾਲ ਸਾਨੂੰ ਸਮਾਜ ਦੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਸਬੰਧੀ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਨੂੰ ਹਲਕੇ ਵਿੱਚ ਲੈਣ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ। ਕਿ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।