ਚੰਦਰ ਗੈਂਦ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਦਾ ਅਹੁਦਾ ਸੰਭਾਲਿਆ
-ਲੋਕਾਂ ਨਾਲ ਜੁੜੇ ਫੈਸਲੇ ਲੈਣ ਸਮੇਤ ਲੋਕ ਹਿੱਤਾਂ ਦੇ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ-ਚੰਦਰ ਗੈਂਦ
-ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਲਈ ਤਿੱਖੀ ਨਜ਼ਰ ਰੱਖਣੀ ਹੋਵੇਗੀ ਤਰਜੀਹ-ਚੰਦਰ ਗੈਂਦ
-ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਮੁੱਖ ਮੰਤਰੀ ਵੱਲੋਂ ਉਲੀਕੇ ਪ੍ਰੋਗਰਾਮ ਤੇ ਸਕੀਮਾਂ ਲੋਕਾਂ ਤੱਕ ਪੁੱਜਦੀਆਂ ਕਰਨ ਦੀਆਂ ਹਦਾਇਤਾਂ
ਪਟਿਆਲਾ, 3 ਜੁਲਾਈ, 2020 :
2004 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਚੰਦਰ ਗੈਂਦ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਚੰਦਰ ਗੈਂਦ ਇਸ ਤੋਂ ਪਹਿਲਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਫਿਸ਼ਰੀਜ਼ ਵਿਭਾਗ ਪੰਜਾਬ ਦੇ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਕੁਝ ਸਮਾਂ ਪਹਿਲਾਂ ਉਹ ਫ਼ਿਰੋਜ਼ਪੁਰ ਜ਼ਿਲ੍ਹੇ ਵਿਖੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।
ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਸਹਾਇਕ ਕਮਿਸ਼ਨਰ (ਯੂ.ਟੀ.). ਜਗਨੂਰ ਸਿੰਘ ਗਰੇਵਾਲ ਤੇ ਜਸਲੀਨ ਕੌਰ ਅਤੇ ਹੋਰ ਅਧਿਕਾਰੀਆਂ ਨੇ ਗੈਂਦ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਨਾਲ ਗੈਂਦ ਨੂੰ ਸਲਾਮੀ ਦਿੱਤੀ।
ਅਹੁਦਾ ਸੰਭਾਲਣ ਮਗਰੋਂ ਗੈਂਦ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਚੰਦਰ ਗੈਂਦ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਦਾ ਜੱਦੀ ਜ਼ਿਲ੍ਹਾ ਹੋਣ ਕਰਕੇ ਜ਼ਿਲ੍ਹਾ ਅਧਿਕਾਰੀਆਂ ਦੀ ਜਿੰਮੇਵਾਰੀ ਹੋਰ ਵੀ ਜ਼ਿਆਦਾ ਹੋ ਜਾਂਦੀ ਹੈ, ਇਸ ਲਈ ਲੋਕਾਂ ਨਾਲ ਜੁੜੇ ਸਰਕਾਰ ਦੇ ਪ੍ਰੋਗਰਾਮਾਂ ਤੇ ਨੀਤੀਆਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ।
ਗੈਂਦ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਨਵੇਂ ਪ੍ਰੋਗਰਾਮ ਉਲੀਕਣੇ ਅਤੇ ਲੋਕ ਹਿੱਤ ਦੇ ਫੈਸਲੇ ਲੈਣ ਸਮੇਤ ਨਿਆਂ ਲੈਣ ਆਏ ਹਰ ਵਿਅਕਤੀ ਨੂੰ ਬਿਨ੍ਹਾਂ ਦੇਰੀ ਤੋਂ ਸਮੇਂ ਸਿਰ ਨਿਆਂ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਗਰਾਮਾਂ ਅਤੇ ਵਿਕਾਸ ਕਾਰਜਾਂ 'ਚ ਹੋਰ ਤੇਜੀ ਲਿਆਉਣ ਤੇ ਕੰਮਾਂ ਦੀ ਗੁਣਵੱਤਾ ਲਈ ਤਿੱਖੀ ਨਜ਼ਰ ਵੀ ਰੱਖੀ ਜਾਵੇਗੀ।
ਗੈਂਦ ਨੇ ਕੋਵਿਡ-19 ਦੀ ਗੱਲ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਾ ਕੇ ਰੱਖਣ, ਆਪਸੀ ਦੂਰੀ ਤੇ ਹੱਥ ਧੋਣ ਦੇ ਇਹਤਿਆਤਾਂ ਦਾ ਪਾਲਣ ਕਰਨ ਤਾਂ ਹੀ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਨੂੰ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾ ਸਕਾਂਗੇ।
ਡਵੀਜਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਚੰਦਰ ਗੈਂਦ ਨੇ ਆਪਣੀ ਧਰਮ ਪਤਨੀ ਡਾ. ਰਿਚਾ ਗੈਂਦ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਡਵੀਜਨਲ ਕਮਿਸ਼ਨਰ ਚੰਦਰ ਗੈਂਦ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤਾ ਜਦੋਂ ਕਿ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਵੀ ਗੈਂਦ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਬਾਅਦ ਗੈਂਦ ਨਗਰ ਨਿਗਮ ਦੀ ਸਨੌਰ ਰੋਡ 'ਤੇ ਸਥਿਤ ਗਊਸ਼ਾਲਾ ਵਿਖੇ ਵੀ ਗਏ ਅਤੇ ਜਿੱਥੇ ਇਸ ਗਊਸ਼ਾਲਾ ਦਾ ਪ੍ਰਬੰਧ ਦੇਖ ਰਹੀ ਸ੍ਰੀ ਰਾਧਾ ਕ੍ਰਿਸ਼ਨ ਗਊ ਸੇਵਾ ਸਮਿਤੀ ਦੇ ਪ੍ਰਧਾਨ ਅਨੀਸ਼ ਮੰਗਲਾ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਜਿਕਰਯੋਗ ਹੈ ਕਿ ਚੰਦਰ ਗੈਂਦ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਹੁੰਦਿਆਂ ਅਨੋਖੀਆਂ ਪੈੜਾਂ ਪਾਈਆਂ ਅਤੇ ਨਿਵੇਕਲੇ ਫੈਸਲੇ ਲਏ, ਜ਼ਿਨ੍ਹਾਂ ਦੀ ਹਰ ਵਰਗ ਦੇ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ। ਗੈਂਦ ਨੇ ਲੋਕੋਮੋਟਰ ਬਿਮਾਰੀ ਤੋਂ ਪ੍ਰਭਾਵਤ ਇੱਕ 15 ਸਾਲਾ ਲੜਕੀ ਅਨਮੋਲ ਨੂੰ ਇੱਕ ਦਿਨ ਲਈ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਣਾਇਆ ਅਤੇ ਨਾਲ ਹੀ ਅਨਮੋਲ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਵੀ ਨਿਯੁਕਤ ਕੀਤਾ ਸੀ।
ਇਸੇ ਤਰ੍ਹਾਂ ਗੈਂਦ ਨੇ ਜ਼ਿਲ੍ਹੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਘਰ-ਘਰ ਹਰਿਆਲੀ ਦੀ ਸਫ਼ਲਤਾ ਲਈ ਇੱਕ ਅਹਿਮ ਤੇ ਨਿਵੇਕਲਾ ਫੈਸਲਾ ਲੈਂਦਿਆਂ ਜ਼ਿਲ੍ਹੇ ਅੰਦਰ ਅਸਲਾ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ 10 ਬੂਟੇ ਲਗਾਉਣੇ ਤੇ ਉਨ੍ਹਾਂ ਦੀ ਸੰਭਾਲ ਕਰਨੀ ਲਾਜਮੀ ਕਰਾਰ ਦਿੱਤਾ ਸੀ। ਇਸ ਤਹਿਤ ਅਸਲਾ ਲਾਇਸੈਂਸ ਲੈਣ ਵਾਲਾ ਪ੍ਰਾਰਥੀ ਅਰਜ਼ੀ ਦੇਣ ਤੋ ਪਹਿਲਾਂ 10 ਬੂਟੇ ਲਾਵੇ ਅਤੇ ਇਨ੍ਹਾਂ ਬੂਟਿਆਂ ਦੀ ਸੰਭਾਲ ਕਰੇ ਅਤੇ ਇਨ੍ਹਾਂ ਦੀ ਪ੍ਰਗਤੀ ਸਬੰਧੀਂ ਸੈਲਫ਼ੀ ਲੈਕੇ ਆਪਣੀ ਅਰਜ਼ੀ ਨਾਲ ਨੱਥੀ ਕਰੇਗਾ। ਇਸ ਉਪਰੰਤ ਹੀ ਅਸਲਾ ਲਾਇਸੈਂਸ ਲੈਣ ਦੇ ਚਾਹਵਾਨ ਦੀ ਫਾਇਲ ਅੱਗੇ ਵਧਦੀ ਸੀ, ਜੋ ਕਿ ਅੱਜ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਲਾਗੂ ਹੈ।
ਚੰਦਰ ਗੈਂਦ ਦੇ ਅਹੁਦਾ ਸੰਭਾਲਣ ਦੌਰਾਨ ਤਹਿਸੀਲਦਾਰ ਰਣਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਡਵੀਜਨਲ ਕਮਿਸ਼ਨਰ ਦਫ਼ਤਰ ਦਾ ਸਮੁੱਚਾ ਅਮਲਾ ਹਾਜ਼ਰ ਸੀ।