ਪਰਵਿੰਦਰ ਸਿੰਘ ਕੰਧਾਰੀ
- ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ
ਫ਼ਰੀਦਕੋਟ, 8 ਜੁਲਾਈ 2020 - ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਭਾਗ ਸ੍ਰੀਮਤੀ ਸੀਮਾ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਰਾਜ ਦੇ ਸਾਰੇ ਪਿੰਡਾਂ ਵਿੱਚ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਗਲੀਆਂ ਨਾਲੀਆਂ ਦੀ ਸਫਾਈ, ਫਿਰਨੀ ਸੜਕਾਂ ਤੇ ਸਰਵੇਖਣ ਕਰਵਾ ਕੇ ਸੋਕ ਪਿੱਟ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ।
ਇਸ ਤੋਂ ਇਲਾਵਾ ਵਿਭਾਗ ਵੱਲੋਂ ਕਰੋਨਾ ਮਹਾਮਾਰੀ ਦੇ ਖਾਤਮੇ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਸਮੂਹ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ ਪੰਚਾਇਤਾਂ ਵੱਲੋਂ ਮੌਸਮੀ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਤੋਂ ਬਚਾਅ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਪੇਂਡੂ ਖੇਤਰਾਂ ਵਿੱਚ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ, ਫਿਰਨੀਆਂ ਅਤੇ ਸੜਕਾਂ ਲਾਗੇ ਬਣੇ ਘਰਾਂ ਦਾ ਸਰਵੇਖਣ ਕਰਕੇ ਉਨ੍ਹਾਂ ਵਿੱਚ ਸੋਕ ਪਿੱਟਾਂ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਿੰਡਾਂ ਵਿੱਚ ਜਨਤਕ ਥਾਵਾਂ ਅਤੇ ਫਿਰਨੀਆਂ ਤੇ ਲੱਗੀਆਂ ਨਾਜਾਇਜ਼ ਰੂੜੀਆਂ ਅਤੇ ਗੰਦਗੀ ਦੇ ਢੇਰਾਂ ਨੂੰ ਵੀ ਪੰਚਾਇਤਾਂ ਰਾਹੀਂ ਹਟਵਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਲੋਕਾਂ ਨੂੰ ਆਪਣੀਆਂ ਰੂੜੀਆਂ ਦੁਆਰੇ ਚਾਰਦੀਵਾਰੀ ਬਣਾਉਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ, ਤਾਂ ਜੋ ਕੂੜਾ ਕਰਕਟ ਬਾਹਰ ਗਲੀਆਂ ਜਾਂ ਨਾਲੀਆਂ ਵਿੱਚ ਨਾ ਫੈਲੇ। ਉਨ੍ਹਾਂ ਇਹ ਵੀ ਦੱਸਿਆ ਕਿ ਸਮੂਹ ਬੀਡੀਪੀਓਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਇਸ ਸਫਾਈ ਮੁਹਿੰਮ ਅਤੇ ਬਰਸਾਤੀ ਬਿਮਾਰੀਆਂ ਤੋਂ ਬਚਾਅ ਸਬੰਧੀ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ।ਸ੍ਰੀ ਸਹੋਤਾ ਨੇ ਇਹ ਵੀ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਤੋਂ ਵਿਭਾਗ ਵੱਲੋਂ ਪੂਰੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਸਾਰੇ ਪਿੰਡਾਂ ਵਿੱਚ ਕਰੋਨਾ ਮਹਾਮਾਰੀ ਦੀ ਰੋਕਥਾਮ ਲਈ ਮਿਸ਼ਨ ਫ਼ਤਹਿ ਤਹਿਤ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਾਸਕ ਪਾਉਣ ਸਮਾਜ ਦੂਰੀ ਰੱਖਣ ਅਤੇ ਲੋੜ ਤੋਂ ਵੱਧ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਹੱਥ ਧੋਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।