ਫ਼ਿਰੋਜ਼ਪੁਰ, 11 ਜੁਲਾਈ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭੇ ਮਿਸ਼ਨ ਤਹਿਤ ਕੋਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਸੂਬੇ ਭਰ ਵਿਚ ਜਾਰੀ ਹੈ। ਜਿੱਥੇ ਸਿਹਤ ਵਿਭਾਗ ਵੱਲੋਂ ਲਗਾਤਾਰ ਟੈਸਟਿੰਗ ਜਾਰੀ ਹੈ ਉਥੇ ਹੀ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ ਵਾਰ ਹੱਥ ਧੋਣ ਬਾਰੇ ਪ੍ਰੇਰਿਤ ਕਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਡੋਰ ਟੂ ਡੋਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੀ ਅਗਵਾਈ ਵਿਚ ਆਂਗਨਵਾੜੀ ਵਰਕਰਾਂ ਵੱਲੋਂ ਇੱਕ ਵਿਸ਼ੇਸ਼ ਜਾਗਰੂਕਤਾ ਅਭਿਆਨ ਤਹਿਤ ਲੋਕਾਂ ਨੂੰ ਲਗਾਤਾਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬੇਲੋੜੀ ਮੂਵਮੈਂਟ ਤੋਂ ਪ੍ਰਹੇਜ਼ ਕਰਨ ਦੀ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ ਵੱਖ ਗਤੀਵਧੀਆਂ ਕਰਕੇ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਅਸੀਂ ਆਪਣੇ ਆਪ ਤੇ ਦੂਜਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ।
ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣਾਕਰੀ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਅਸੀ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।