ਪਰਵਿੰਦਰ ਸਿੰਘ ਕੰਧਾਰੀ
- ਗੁਰੂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਨੂੰ ਸਜ਼ਾ ਮਿਲਣੀ ਜ਼ਰੂਰੀ
- ਅਕਾਲੀ ਦਲ ਨੇ ਬੇਅਦਬੀ ਕਾਂਡ ਦੀ ਜਾਂਚ ਨੂੰ ਦਬਾਉਣ ਲਈ ਹਰ ਤਰ੍ਹਾਂ ਦਾ ਹੱਥਕੰਢਾ ਅਪਣਾਇਆ
ਫਰੀਦਕੋਟ 14 ਜੁਲਾਈ 2020 - ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ 2015 ਵਿੱਚ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਾਂਡ ਵਿੱਚ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਸੱਚ ਸਾਹਮਣੇ ਲਿਆਂਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਸ਼ਲਦੀਪ ਸਿੰਘ ਢਿੱਲੋ ਨੇ ਕਿਹਾ ਕਿ ਇਹ ਉਹ ਹੀ ਵਿਸ਼ੇਸ਼ ਜਾਂਚ ਟੀਮ ਹੈ, ਜੋ ਸੁਪਰੀਮ ਕੋਰਟ ਦੇ ਹੁਕਮਾਂ ਤੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਂਦ ਵਿੱਚ ਆਈ ਸੀ ਅਤੇ ਐਸ.ਆਈ.ਟੀ. ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਪੂਰੀ ਮਿਹਨਤ ਨਾਲ ਕੰਮ ਕਰਕੇ ਸੱਚ ਲੋਕਾਂ ਦੇ ਸਾਹਮਣੇ ਲਿਆਂਦਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਪਣੇ ਕਾਰਜਕਾਲ ਅਤੇ ਹੁਣ ਵੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸ ਤਰ੍ਹਾਂ ਐਸ.ਆਈ.ਟੀ. ਦੀ ਜਾਂਚ ਪ੍ਰਕਿਰਿਆ ਵਿੱਚ ਅੜਚਨਾ ਖੜ੍ਹੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹੀ ਆਪਣਾ ਪ੍ਰਭਾਵ ਵਰਤ ਦੇ ਇਸ ਜਾਂਚ ਨੂੰ ਦਬਾਉਣ ਲਈ ਕੋਰਟ ਵਿੱਚ ਸੀ.ਬੀ.ਆਈ. ਤੋਂ ਕਲੋਜਪ ਰਿਪੋਰਟ ਦਾਖਲ ਕਰਵਾਈ ਸੀ, ਤਾਂ ਕਿ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਸੱਚ ਲੋਕਾਂ ਸਾਹਮਣੇ ਨਾ ਆ ਸਕੇ।
ਕੁਸ਼ਲਦੀਪ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ ਤੇ ਇਸ ਸਬੰਧ ਵਿੱਚ ਐਸ.ਆਈ.ਟੀ. ਨੇ ਵਧੀਆ ਕੰਮ ਕਰਕੇ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਵਾਲੇ ਜਿਹੜੇ ਆਪਣੇ ਗੁਰੂ ਦੇ ਨਾ ਬਣ ਸਕੇ ਉਹ ਲੋਕਾਂ ਦੇ ਵੀ ਨਹੀਂ ਬਣਨਗੇ।ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਇਨ੍ਹਾ ਪੰਥ ਵਿਰੋਧੀ ਅਤੇ ਆਪਹੁਦਰੀ ਕਾਰਵਾਈਆਂ ਕਾਰਨ ਅਕਾਲੀ ਦਲ ਦੇ ਟਕਸਾਲੀ ਆਗੂ ਅਕਾਲੀ ਦਲ ਨੂੰ ਅਲਵਿਦਾ ਕਹਿ ਰਹੇ ਹਨ।