ਫਿਰੋਜ਼ਪੁਰ, 14 ਜੁਲਾਈ 2020 - ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ 81 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਦੇ ਹੌਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਦੁਲਚੀ ਕੇ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਅਮਰੀਕ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਅਤੇ ਪਰਮਜੀਤ ਸਿੰਘ ਪੰਮਾ ਪੁੱਤਰ ਉੱਤਮ ਸਿੰਘ ਵਾਸੀ ਪਿੰਡ ਝੁੱਗੇ ਨਿਹੰਗਾਂ ਵਾਲੇ ਜੋ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ ਤੇ ਅੱਜ ਵੀ ਰਬੜ ਦੀ ਟਿਊਬ ਰੰਗ ਕਾਲਾ ਵਿਚ ਨਾਜਾਇਜ਼ ਸ਼ਰਾਬ ਬੰਨ ਦੁਲਚੀ ਕੇ ਪਰਲੇ ਪਾਸੇ ਰੱਖ ਕੇ ਵੇਚਣ ਲਈ ਗਾਹਕਾਂ ਦਾ ਇੰਤਜਾਰ ਕਰ ਰਹੇ ਹਨ।
ਪੁਲਿਸ ਪਾਰਟੀ ਵੱਲੋਂ ਦੋਸ਼ੀਆਂ 'ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਪਰ ਉਥੋਂ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਉਧਰ ਥਾਣਾ ਮੱਲਾਂਵਾਲਾ ਦੀ ਪੁਲਿਸ ਦੇ ਏਐੱਸਆਈ ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਘੁੱਦੂਵਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ੀ ਮੰਗਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਘੁੱਦੂਵਾਲਾ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਤੇ ਤਲਾਸ਼ੀ ਦੌਰਾਨ ਉਸ ਕੋਲੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ।