ਜਗਦੀਸ਼ ਥਿੰਦ
ਫ਼ਾਜ਼ਿਲਕਾ, 4 ਅਗਸਤ
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।
ਉਨਾਂ ਕਿਹਾ ਕਿ ਆਮ ਵੇਖਣ ਵਿਚ ਆਉਂਦਾ ਹੈ ਕਿ ਲਾਵਾਰਸ਼ ਗਊਆਂ ਕਾਰਨ ਰਾਤ ਸਮੇਂ ਸੜਕ ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਜਿਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਮਰੇ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ, ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿਚ ਬੇਚੈਨੀ ਵੀ ਫੈਲਦੀ ਹੈ।
ਉਨਾਂ ਕਿਹਾ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖਿਆ ਹੋਇਆ ਹੈ ਉਹ ਉਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ। ਏਰੀਆ ਦੇ ਸਬੰਧਤ ਪਸ਼ੂ ਪਾਲਣ ਅਫਸਰ ਕੋਲੋਂ ਗਊ ਵੰਸ਼ ਦੀ ਰਜਿਸਟਰੇਸ਼ਨ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘੱਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ।
ਜ਼ਿਲਾ ਮੈਜਿਸਟਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ’ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜ ਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 44 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜ ਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ। ਉਨਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ’ਤੇ ਇਨਾਂ ਉੱਚੀਆਂ ਫ਼ਸਲਾਂ ’ਚ ਛੁਪ ਕੇ ਘੁਸਪੈਠ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਸੁਰੱਖਿਆ ਅਤੇ ਤੁਰੰਤ ਰੋਕਥਾਮ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ ਨੇ ਹੁਕਮ ਦਿੱਤੇ ਹਨ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਰਕਬੇ ’ਤੇ ਅਜਿਹੀਆਂ ਫ਼ਸਲਾਂ ਨਾ ਬੀਜੀਆਂ ਜਾਣ। ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ।