ਜਗਦੀਸ਼ ਥਿੰਦ
ਫਾਜ਼ਿਲਕਾ, 5 ਅਗਸਤ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਵੈ-ਰੋਜਗਾਰ ਨੂੰ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗੀ ਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਨਾਲ ਜੋੜਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਲੋਨ ਮੁਹੱਈਆ ਕਰਵਾਏ ਜਾਂਦੇ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਰੋਜਗਾਰੀ ਨੂੰ ਠੱਲ ਪਾਉਣ ਲਈ ਸਵੈ-ਰੋਜਗਾਰ ਲਾਹੇਵੰਦ ਸਾਬਿਤ ਹੁੰਦਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਤੱਕ ਪੁਜਦਾ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਡਿਊਟੀ ਨਿਭਾਉਣ। ਉਨਾਂ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਰੋਜਗਾਰ ਕਰਨ ਦੇ ਇੱਛੁਕ ਨੋਜਵਾਨਾਂ ਨੂੰ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਏ ਜਾਣ ਤਾਂ ਜੋ ਆਪਣੇ ਪੈਰਾਂ ’ਤੇ ਖੜੇ ਹੋ ਕੇ ਆਪਣਾ ਸੁਨਹਿਰੀ ਭਵਿੱਖ ਸਿਰਜ ਸਕਣ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਤੇ ਬੈਂਕ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੀ ਲਿਸਟਾਂ ਬਣਾ ਕੇ ਇਸ ਦਫਤਰ ਨੂੰ ਭੇਜਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਲੋਨ ਕੇਸਾਂ ਨੂੰ ਤੈਅ ਸਮੇਂ ਅੰਦਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਢਿੱਲਮੱਠ ਤੇ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਉਟੀ ’ਚ ਕੋਈ ਕੁਤਾਹੀ ਵਰਤੇਗਾ ਤਾਂ ਉਚ ਅਧਿਕਾਰੀਆਂ ਨੂੰ ਲਿੱਖ ਦਿੱਤਾ ਜਾਵੇਗਾ ਅਤੇ ਉਸ ਖਿਲਾਫ ਬਣਦੀ ਯੋਗ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਵਲ ਰਾਮ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਐਲ.ਡੀ.ਐਮ. ਕੁਲਦੀਪ ਕੁਮਾਰ, ਜ਼ਿਲਾ ਰੋਜ਼ਾਗਰ ਅਫਸਰ ਿਸ਼ਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।