ਅਸ਼ੋਕ ਵਰਮਾ
ਬਠਿੰਡਾ, 6 ਜੁਲਾਈ 2020 - ਅੱਜ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਇੰਦਰਜੀਤ ਸਿੰਘ ਦੀ ਅਗ਼ਵਾਈ ਵਿੱਚ ਮੀਟਿੰਗ ਕੀਤੀ ਗਈ ਜਿਸ ਨੂੰ ਸੀਟੂ ਪੰਜਾਬ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਅਤੇ ਪ੍ਰਧਾਨ - ਕਾਮਰੇਡ ਮਹਾਂ ਸਿੰਘ ਰੋੜੀ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਅਤੇ ਕੇਂਦਰ ਵਿਚਲੀ ਮੋਦੀ ਸਰਕਾਰ ਕੋਰੋਨਾ ਮਹਾਮਾਰੀ ਦੀ ਆੜ ਵਿੱਚ ਮਜ਼ਦੂਰ -ਮੁਲਾਜ਼ਮ ਅਤੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪੁਹੰਚਾਉਣ ਲਈ ਜਨਤਕ ਖੇਤਰ ਦਾ ਨਿੱਜੀਕਰਨ ਵੱਲ ਕਦਮ ਵਧਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਰੇਲ ਵਿੱਚ ਸਫ਼ਰ ਵੀ ਆਮ ਆਦਮੀ ਦੇ ਵੱਸ ’ਚ ਨਹੀਂ ਰਿਹਾ ਕਿਉਂਕਿ ਕਿਰਾਇਆ ਪ੍ਰਾਈਵੇਟ ਕੰਪਨੀਆਂ ਤੈਅ ਕਰਨਗੀਆਂ।
ਉਨ੍ਹਾਂ ਆਖਿਆ ਕਿ ਅੱਜ ਜਦੋ ਮਹਾਮਾਰੀ ਭਿਅੰਕਰ ਰੂਪ ਧਾਰਨ ਕਰਕੇੂ ਤੋਂ ਬਾਹਰ ਹੋ ਰਹੀ ਹੈ ਤਾਂ ਇਸ ਨਜਿੱਠਣ ਅਤੇ ਲੋਕਾਂ ਦੀ ਹਰ ਆਰਥਿਕ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਲਗਾਤਾਰ ਮਜ਼ਦੂਰ -ਮੁਲਾਜ਼ਮ ਕਿਸਾਨ ਵਿਰੋਧੀ ਆਰਡੀਨੈਂਸ, ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ,ਬਿਜਲੀ ਬਿੱਲ 2020 ,ਮੋਟਰ ਵਹੀਕਲ ਐਕਟ ਲਿਆਂਦੇ ਜਾ ਰਹੇ ਹਨ ਅਤੇ ਸਰਕਾਰ ਦੀਆਂ ਲੋਕ -ਮਾਰੂ ਨੀਤੀਆਂ ਦਾ ਵਿਰੋਧ ਕਰ ਰਹੇ ਲੋਕਾਂ ’ਤੇ ਝੂਠੇ ਕੇਸ ਬਣਾਏ ਜਾ ਰਹੇ ਹਨ। ਉਨ੍ਹਾਂ ਮੋਦੀ ਸਰਕਾਰ ਤੇ ਫਿਰਕੂ ਏਜੰਡਾ ਲਾਗੂ ਕਰਨ ਦਾ ਦੋਸ਼ ਵੀ ਲਾਇਆ। ਸੂਬਾਈ ਆਗੂਆਂ ਨੇ ਦੱਸਿਆ ਕਿ ਭਾਰਤ ਛੱਡੋ ਅੰਦੋਲਨ ਤਹਿਤ ਪੂਰੇ ਦੇਸ਼ ਵਿੱਚ 9 ਅਗਸਤ ਨੂੰ ਪੂਰੇ ਦੇਸ਼ ਵਿੱਚ ਸੀਟੂ ਕਾਰਕੁਨ ਆਪਣੇ ਆਪ ਨੂੰ ਗ੍ਰਿਫਤਾਰੀਆਂ ਲਈ ਪੇਸ਼ ਕਰਨਗੇ।
ਜ਼ਿਲ੍ਹਾ ਜਨਰਲ ਸਕੱਤਰ ਸਾਥੀ ਬਲਕਾਰ ਸਿੰਘ ਨੇ ਦੱਸਿਆ ਕਿ 9 ਅਗਸਤ ਦੇ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਨੂੰ ਮਜ਼ਦੂਰ -ਕਿਸਾਨ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਸਫਲ ਬਣਾਇਆ ਜਾਵੇਗਾ। ਇਸ ਮੌਕੇ ਜਿਲਾ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਂਡੀ, ਮਲਟੀਪਰਪਜ਼ ਹੈਲਥ ਇੰਪਲਾਇਜ਼ ਯੂਨੀਅਨ ਦੇ ਜਨਰਲ ਸਕੱਤਰ ਗਗਨਦੀਪ ਸਿੰਘ, ਡੀਵਾਈਐਫਆਈ ਦੇ ਜਿਲਾ ਜਨਰਲ ਸਕੱਤਰ ਕੁਲਜੀਤਪਾਲ ਗੋਲਡੀ, ਸਾਥੀ ਅਤੇ ਹਰਮਿੰਦਰ ਢਿਲੋਂ ਆਦਿ ਨੇ ਵੀ ਸੰਬੋਧਨ ਕੀਤਾ।