ਮਨਪ੍ਰੀਤ ਸਿੰਘ ਜੱਸੀ
- ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਡੀ.ਸੀ. ਅਤੇ ਪੁਲਿਸ ਕਮਿਸ਼ਨਰ ਨੇ ਪ੍ਰਬੰਧਾਂ ਬਾਰੇ ਕੀਤੀ ਬੈਠਕ
ਅੰਮ੍ਰਿਤਸਰ, 11 ਅਗਸਤ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਨਾਨਕਸ਼ਾਹੀ ਕਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰੰਤੂ ਕੋਰੋਨਾ ਕਾਰਨ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਡੀ. ਸੀ. ਅਤੇ ਪੁਲਿਸ ਕਮਿਸ਼ਨਰ ਨਾਲ ਇਕੱਤਰਤਾ ਕਰ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਰਵਾਇਤ ਗੁਰੂ ਕਾਲ ਤੋਂ ਹੀ ਚਲਦੀ ਆ ਰਹੀ ਹੈ। ਪਰੰਤੂ ਕੋਰੋਨਾ ਕਾਰਨ ਇਸ ਵਾਰ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕੇਵਲ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।