ਚੋਵੇਸ਼ ਲਟਾਵਾ
ਅਨੰਦਪੁਰ ਸਾਹਿਬ, 14 ਅਗਸਤ 2020 - ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਰਵਿਦਾਸ ਚੌਕ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਗਿਆ ਅਤੇ ਇਸ ਮੌਕੇ ਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਏ ਗਏ ਇਸ ਧਰਨੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਧਰਨੇ ਵਿੱਚ ਸ਼ਿਰਕਤ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ 'ਤੇ ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਧਰਨੇ ਨੂੰ ਸੰਬੋਧਿਤ ਕੀਤਾ, ਉਥੇ ਖਾਸ ਤੌਰ 'ਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਧਰਨੇ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ।
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਨਾਲ ਸਬੰਧਿਤ ਭਾਈਚਾਰੇ ਵੱਲੋਂ ਧਰਨਾ ਲਗਾਇਆ ਗਿਆ ਤਾਂ ਜੋ ਕੇਂਦਰ ਸਰਕਾਰ ਤੋਂ ਪਹਿਲਾਂ ਹੀ ਜਾਰੀ ਹੋ ਚੁੱਕੀ ਸਕਾਲਰਸ਼ਿਪ ਪੰਜਾਬ ਦੇ ਐਸਸੀ ਅਤੇ ਬੀਸੀ ਵਿਦਿਆਰਥੀਆਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਸਸੀ ਵਰਗ ਦੇ ਨਾਲ ਧੱਕਾ ਕਰ ਰਹੀ ਹੈ ਕਿਉਂਕਿ ਜੋ ਪੈਸਾ ਕੇਂਦਰ ਵੱਲੋਂ ਆ ਵੀ ਚੁੱਕਿਆ ਹੈ। ਉਹ ਪੈਸਾ ਵੀ ਸਕਾਲਰਸ਼ਿਪ ਦੇ ਰੂਪ ਦੇ ਵਿੱਚ ਐਸਸੀ ਵਰਗ ਦੇ ਵਿਦਿਆਰਥੀਆਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਗਹਿਰੀ ਨੀਂਦ ਚੋਂ ਜਾਗਣਾ ਚਾਹੀਦਾ ਹੈ ਅਤੇ ਆਪਣੇ ਅੰਦਰੂਨੀ ਕਾਟੋ ਕਲੇਸ਼ ਨੂੰ ਛੱਡ ਕੇ ਲੋਕ ਹਿੱਤਾਂ ਦੀ ਰਾਖੀ ਦੇ ਲਈ ਕੰਮ ਕਰਨੇ ਚਾਹੀਦੇ ਹਨ।