ਗੁਰਪ੍ਰੀਤ ਸਿੰਘ ਮੰਡਿਆਣੀ
ਮੋਗਾ, 14 ਅਗਸਤ 2020 - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਸਵੇਰੇ ਵਾਪਰੀ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਉੱਪਰ ਖਾਲਿਸਤਾਨ ਦੀ ਦਿੱਖ ਵਾਲਾ ਝੰਡਾ ਲਗਾਉਣ ਅਤੇ ਰਾਸ਼ਟਰੀ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਕਿਸੇ ਵੀ ਹੀਲੇ ਬਖਸ਼ਿਆ ਨਹੀਂ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਾਲਿਸਤਾਨ ਦਾ ਝੰਡਾ ਚੜਾਉਣ ਵਾਲੇ ਸ਼ੱਕੀ ਵਿਅਕਤੀਆਂ ਦੀ ਵੀਡੀਉ ਜਾਰੀ ਕੀਤੀ ਗਈ ਹੈ। ਸੂਚਨਾ ਦੇਣ ਵਾਲੇ ਨੂੰ ਪੁਲਿਸ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਲਈ 9815800323, 8558905160 ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਉਹਨਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਲਈ ਜਿੰਮੇਵਾਰ ਦੋਸ਼ੀਆਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਪੁਲਿਸ ਥਾਣਾ ਸਿਟੀ ਮੋਗਾ ਵਿਖੇ ਅਣਪਛਾਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਭਾਲ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਅਮਨ ਅਮਾਨ ਨਾਲ ਮਨਾਇਆ ਜਾਵੇਗਾ।