ਤਿੰਨ ਕੰਪਨੀਆਂ ਅਤੇ 193 ਨੌਜਵਾਨਾਂ ਨੇ ਕੀਤੀ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ
ਜਲੰਧਰ, 14 ਸਤੰਬਰ 2020: ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਫਿਲੌਰ ਦੇ ਦਫ਼ਤਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਅੱਜ ਤਕਰੀਬਨ 141 ਬੇਰੋਜ਼ਗਾਰ ਨੌਜਵਾਨਾਂ ਨੇ ਰੋਜ਼ਗਾਰ ਹਾਸਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਜਿਥੇ 193 ਬੇਰੁਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਪੁਖਰਾਜ ਹੈਲਥ ਕੇਅਰ, ਬੈਕਟਰ ਫੂਡ ਸਪੈਸ਼ਲਿਸਟ ਲਿਮ. ਅਤੇ ਐਲ.ਆਈ. ਸੀ. ਇੰਸ਼ੋਰੈਂਸ ਨੇ ਨਿਜੀ ਅਤੇ ਆਨਲਾਈਨ ਜ਼ਰੀਏ ਸ਼ਮੂਲੀਅਤ ਕੀਤੀ ਤੇ 141 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਕਾਫੀ ਸਹਾਇਕ ਸਾਬਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਸੂਬੇ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਇਸ ਤਰ੍ਹਾਂ ਦੇ ਮੇਲੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸੋਸ਼ਲ ਡਿਸਟੈਂਸਸਿੰਗ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 15 ਸਤੰਬਰ ਨੂੰ ਵੀ ਦੋ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ, ਜੋ ਕਿ ਡੀਬੀਈਈ ਦਫ਼ਤਰ ਅਤੇ ਬੀਡੀਪੀਓ ਰੁੜਕਾ ਕਲਾਂ ਵਿੱਚ ਲਗਾਏ ਜਾਣਗੇ। ਇਨ੍ਹਾਂ ਵਿੱਚ ਕਈ ਕੰਪਨੀਆਂ ਸ਼ਾਮਿਲ ਹੋਣਗੀਆਂ। ਉਨ੍ਹਾਂ ਨੌਜਵਾਨਾਂ ਨੂੰ www.pgrkam.com 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।