ਜਲੰਧਰ, 14 ਸਤੰਬਰ 2020: ਕੋਵਿਡ-19 ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੇ `ਮਿਸ਼ਨ ਫਤਹਿ` ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ `ਲੋਕ ਸਾਂਝੇਦਰੀ ਪ੍ਰੋਗਰਾਮ’ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਕੋਵਿਡ ਸੇਫਟੀ ਪ੍ਰੋਟੋਕੋਲ ਅਤੇ ਸਮੇਂ ਸਿਰ ਜਾਂਚ ਕਰਵਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜੁਆਇੰਟ ਕਮਿਸ਼ਨਰ ਨਗਰ ਨਿਗਮ ਸ਼੍ਰੀ ਹਰਚਰਨ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ।
ਮੀਟਿੰਗਾਂ ਦੌਰਾਨ ਟੀਮਾਂ ਨੇ ਜਿਥੇ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਜਲਦੀ ਟੈਸਟ ਕਰਵਾਉਣ ਸਬੰਧੀ ਜਾਗਰੂਕ ਕੀਤਾ ਉਥੇ ਕਰੋਨਾ ਵਾਇਰਸ ਤੋਂ ਮਨੁੱਖੀ ਜਾਨਾਂ ਨੂੰ ਬਚਾਉਣ ਵਾਸਤੇ ਇਲਾਜ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਟੀਮਾਂ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਜੇਕਰ ਕਿਸੇ ਨੂੰ ਖਾਂਸੀ, ਜ਼ੁਕਾਮ, ਬੁਖਾਰ ਜਾਂ ਕੋਈ ਹੋਰ ਲੱਛਣ ਹੋ ਜਾਂਦਾ ਹੈ ਜਾਂ ਕੋਈ ਕੋਵਿਡ ਪੋਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਸਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।
ਟੀਮ ਦੇ ਮੈਂਬਰਾਂ ਨੇ ਬਜ਼ੁਰਗਾਂ ਜਾਂ ਹੋਰ ਗੰਭੀਰ ਬੀਮਾਰੀ ਤੋਂ ਪੀੜਤ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕੋਵਿਡ ਬਾਰੇ ਫੈਲੀਆਂ ਅਫਵਾਹਾਂ ਅੰਗ ਕੱਢ ਲੈਣ, ਮੁਨਾਫ਼ਾਖੋਰੀ ਤੇ ਗਲਤ ਜਾਣਕਾਰੀ ਨੂੰ ਵੀ ਖਾਰਿਜ ਕੀਤਾ ਅਤੇ ਮਿਥਕਾ ਨੂੰ ਦੂਰ ਕੀਤਾ।
ਉਨ੍ਹਾਂ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਮਾਸਕ ਪਹਿਨਣ, ਹੱਥਾਂ ਨੂੰ ਅਕਸਰ ਧੋਂਦੇ ਰਹਿਣ ਸਬੰਧੀ ਜਾਗਰੂਕ ਕੀਤਾ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣਾ ਪੈਂਦਾ ਹੈ ਤਾਂ ਉਚਿਤ ਦੂਰੀ ਬਣਾ ਕੇ ਰੱਖਣ।
ਇਸ ਸਬੰਧੀ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਮੇਂ ਸਿਰ ਜਾਂਚ ਕਰਵਾਉਣ ਲਈ ਜਾਗਰੂਕ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸ਼ਹਿਰੀ ਖੇਤਰ ਦੇ ਐਮ ਸੀ ਵਾਰਡ ਅਤੇ ਦਿਹਾਤੀ ਪੱਟੀ ਦੇ ਪਿੰਡ ਨੂੰ ਛੋਟੇ ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਿਊਂਸੀਪਲ ਕੌਂਸਲਰ, ਸਰਪੰਚ, ਡਾਕਟਰ, ਸਕੂਲ ਅਧਿਆਪਕ, ਨੌਜਵਾਨ ਜਾਂ ਧਾਰਮਿਕ ਆਗੂ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ ਟੀਮਾਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਲਾਗ ਦੀ ਬੀਮਾਰੀ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਢਲੀ ਰੋਕਥਾਮ ਨੂੰ ਯਕੀਨੀ ਬਣਾ ਕੇ ਕੋਵਿਡ -19 ਦੇ ਪ੍ਰਸਾਰ ਨੂੰ ਕਾਬੂ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਨੋਡਲ ਅਫਸਰਾਂ ਵੱਲੋਂ ਟੀਮਾਂ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ ਅਤੇ `ਲੋਕ ਸਾਂਝੇਦਰੀ` ਪ੍ਰੋਗਰਾਮ ਤਹਿਤ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਤ ਪ੍ਰੋਗਰਾਮ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਕੋਵਿਡ 19 ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ।